ਲੋਕ ਸਭਾ ਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਸ਼ੁੱਕਰਵਾਰ ਨੂੰ ਆਖਰੀ ਦਿਨ ਸੀ। ਇਸਦੇ ਚੱਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਡਾ. ਭੀਮ ਰਾਓ ਅੰਬੇਡਕਰ ਮਾਮਲੇ ਵਿਚ ਵਿਰੋਧੀ ਧਿਰ ਨੇ ਅੱਜ ਫਿਰ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵਿਜੇ ਚੌਕ ਤੋਂ ਸੰਸਦ ਭਵਨ ਤੱਕ ਮਾਰਚ ਵੀ ਕੱਢਿਆ ਅਤੇ ਇਸ ਮਾਰਚ ਵਿਚ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪਿ੍ਰਅੰਕਾ ਗਾਂਧੀ ਵੀ ਹਾਜ਼ਰ ਹੋਏ, ਪਰ ਰਾਹੁਲ ਗਾਂਧੀ ਨਹੀਂ ਦਿਸੇ। ਧਿਆਨ ਰਹੇ ਕਿ ਲੰਘੇ ਕੱਲ੍ਹ ਰਾਹੁਲ ਦੇ ਖਿਲਾਫ ਐਫ.ਆਈ.ਆਰ. ਦਰਜ ਹੋਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਕਰ ਗੇਟ ’ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਚਾਲੇ ਧੱਕਾ ਮੁੱਕੀ ਹੋ ਗਈ ਸੀ। ਜਿਸ ਦੌਰਾਨ ਉੜੀਸਾ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਜ਼ਖ਼ਮੀ ਹੋ ਗਏ ਸਨ। ਇਸਦੇ ਚੱਲਦਿਆਂ ਰਾਹੁਲ ਗਾਂਧੀ ’ਤੇ ਧੱਕਾ ਦੇਣ ਦਾ ਆਰੋਪ ਲਗਾਇਆ ਗਿਆ ਸੀ ਅਤੇ ਉਨ੍ਹਾਂ ਖਿਲਾਫ ਕੇਸ ਵੀ ਦਰਜ ਹੋ ਗਿਆ ਹੈ। ਪਿ੍ਰਅੰਕਾ ਗਾਂਧੀ ਦਾ ਕਹਿਣਾ ਸੀ ਕਿ ਰਾਹੁਲ ਕਿਸੇ ਨੂੰ ਧੱਕਾ ਨਹੀਂ ਦੇ ਸਕਦੇ।