ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਮੂਹਰੇ ਰੱਖੀਆਂ ਕਈ ਮੰਗਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ 1,000 ਕਰੋੜ ਰੁਪਏ ਪੈਕੇਜ ਦੀ ਮੰਗ ਕੀਤੀ ਹੈ। ਰਾਜਸਥਾਨ ਦੇ ਜੈਸਲਮੇਰ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਈ ਪ੍ਰੀ-ਬਜਟ ਬੈਠਕ ਵਿਚ ਪੰਜਾਬ ਨੇ ਸੂਬੇ ਲਈ 1,000 ਕਰੋੜ ਰੁਪਏ ਦੇ ਪੈਕੇਜ ਅਤੇ ਉਦਯੋਗ ਨੂੰ ਵਧਾਉਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਪੁਲਿਸ ਦੇ ਆਧੁਨਿਕੀਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਇਹ ਸਹਾਇਤਾ ਮੰਗੀ ਹੈ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਅਤੇ ਹੋਰ ਪਹਾੜੀ ਸੂਬਿਆਂ ਦੀ ਤਰ੍ਹਾਂ ਪੰਜਾਬ ਵਿਚ ਲਘੂ, ਛੋਟੇ ਅਤੇ ਮੀਡੀਅਮ ਉਦਯੋਗਾਂ ਨੂੰ ਵਧਾਉਣ ਲਈ ਮੰਗ ਵੀ ਪ੍ਰਮੁੱਖਤਾ ਨਾਲ ਉਠਾਈ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦੌਰਾਨ ਸੂਬੇ ਦੀਆਂ ਕਈ ਪ੍ਰਮੁੱਖ ਮੰਗਾਂ ਨੂੰ ਕੇਂਦਰੀ ਵਿੱਤ ਮੰਤਰੀ ਦੇ ਸਾਹਮਣੇ ਰੱਖਿਆ। ਪੰਜਾਬ ਸਰਕਾਰ ਵਲੋਂ ਬਠਿੰਡਾ ਤੋਂ ਨਵੀਂ ਦਿੱਲੀ ਦੇ ਲਈ ਬੰਦੇ ਭਾਰਤ ਟਰੇਨ ਦੀ ਮੰਗ ਵੀ ਕੀਤੀ ਗਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਮਾਲਵਾ ਖੇਤਰ ਨੂੰ ਬਿਹਤਰ ਰੇਲ ਸੰਪਰਕ ਦੇਣ ਲਈ ਜ਼ਰੂਰੀ ਹੈ।