ਰਾਹੁਲ ਨੇ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊੁਰੋ ਨਿਊਜ਼
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਸਬਜ਼ੀਆਂ ਦੇ ਭਾਅ ਜਾਣਨ ਲਈ ਨਵੀਂ ਦਿੱਲੀ ਦੀ ਇਕ ਸਬਜ਼ੀ ਮੰਡੀ ਵਿਚ ਪਹੁੰਚ ਗਏ। ਰਾਹੁਲ ਨੇ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਰਾਹੁਲ ਨੇ ਸਬਜ਼ੀ ਮੰਡੀ ਦੇ ਦੌਰੇ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ ਲਸਣ ਦੀ ਕੀਮਤ ਕਦੇ 40 ਰੁਪਏ ਸੀ, ਅੱਜ 400 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨੇ ਆਮ ਆਦਮੀ ਦਾ ਰਸੋਈ ਬਜਟ ਵਿਗਾੜ ਦਿੱਤਾ ਹੈ ਅਤੇ ਸਰਕਾਰ ਕੁੰਭਕਰਨ ਵਾਂਗ ਸੌਂ ਰਹੀ ਹੈ। ਇਸ ਮੌਕੇ ਰਾਹੁਲ ਨੇ ਸਬਜ਼ੀਆਂ ਵੇਚਣ ਵਾਲੇ ਦੁਕਾਨਦਾਰਾਂ ਅਤੇ ਸਬਜ਼ੀ ਖਰੀਦਣ ਲਈ ਪਹੁੰਚੇ ਗ੍ਰਾਹਕਾਂ ਨਾਲ ਗੱਲਬਾਤ ਵੀ ਕੀਤੀ। ਰਾਹੁਲ ਨੇ ਦਿਨੋਂ ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਮੋਦੀ ਸਰਕਾਰ ਅਮੀਰਾਂ ਨੂੰ ਫਾਇਦਾ ਪਹੁੰਚਾ ਰਹੀ ਹੈ।