Breaking News
Home / ਹਫ਼ਤਾਵਾਰੀ ਫੇਰੀ / ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਤੋਂ ਚੋਣ ਕਮਿਸ਼ਨ ਸੰਤੁਸ਼ਟ

ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਤੋਂ ਚੋਣ ਕਮਿਸ਼ਨ ਸੰਤੁਸ਼ਟ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਵੋਟਿੰਗ ਮਸ਼ੀਨਾਂ ਤੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਚੁੱਕੇ ਜਾਣ ਮਗਰੋਂ ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਨੇ ਜਲੰਧਰ ਤੇ ਲੁਧਿਆਣਾ ਵਿੱਚ ਵੋਟਿੰਗ ਮਸ਼ੀਨਾਂ ਦੇ ਸੁਰੱਖਿਆ ਪ੍ਰਬੰਧਾਂ ਤੇ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਨਰਿੰਦਰ ਚੌਹਾਨ ਅਤੇ ਐਨਸੀਟੀ ਦਿੱਲੀ ਦੇ ਵਧੀਕ ਚੋਣ ਅਧਿਕਾਰੀ ਰਾਜੇਸ਼ ਕੁਮਾਰ ਨੇ ਜਲੰਧਰ ਜ਼ਿਲ੍ਹੇ ਦੇ ਚੋਣ ਅਫਸਰ ਕਮਲ ਕਿਸ਼ੋਰ ਯਾਦਵ ਨਾਲ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦਾ ਗੇੜਾ ਲਾਇਆ। ਇਸ ਮੌਕੇ ਹਲਕਾ ਕਰਤਾਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੁਰਿੰਦਰ ਸਿੰਘ ਅਤੇ ਬਾਕੀ ਪਾਰਟੀਆਂ ਦੇ ਪ੍ਰਤੀਨਿਧ ਵੀ ਹਾਜ਼ਰ ਸਨ। ઠਚੋਣ ਕਮਿਸ਼ਨ ਦੀ ਟੀਮ ਨੇ ਸਟਰਾਂਗ ਰੂਮਾਂ ਵਿਚ ਗੇੜਾ ਕੱਢ ਕੇ ਉਥੇ ਬੈਠੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਅਤੇ ਦੂਜੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਤੰਬੂ ਲਾ ਕੇ ਬੈਠੇ ‘ਆਪ’ ਦੇ ਵਲੰਟੀਅਰਾਂ ਨੇ ਸਟਰਾਂਗ ਰੂਮਾਂ ਦੀ ਸੁਰੱਖਿਆ ਬਾਰੇ ਕਿਸੇ ਤਰ੍ਹਾਂ ਦਾ ਕੋਈ ਇਤਰਾਜ਼ ਪ੍ਰਗਟ ਨਹੀਂ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟੀਮ ਦੇ ਆਗੂ ਨਰਿੰਦਰ ਚੌਹਾਨ ਨੇ ਕਿਹਾ ਕਿ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ‘ਤੇ ਜਿੱਥੇ ਕਮਿਸ਼ਨ ਨੂੰ ਤਸੱਲੀ ਹੈ ਉਥੇ ਰਾਜਨੀਤਕ ਪਾਰਟੀਆਂ ਵੱਲੋਂ ਵੀ ਕੋਈ ਇਤਰਾਜ਼ ਨਹੀਂ ਆਇਆ। ਇਸ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਅਤੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਸਮੇਤ ਡੀਸੀ ਦੀ ਵੀ ਅੰਦਰ ਦਾਖਲੇ ਸਮੇਂ ਤਲਾਸ਼ੀ ਲਈ ਗਈ ਅਤੇ ਰਜਿਸਟਰ ‘ਤੇ ਐਂਟਰੀ ਵੀ ਪਾਈ ਗਈ। ਇਸ ਤੋਂ ਬਾਅਦ ਚੋਣ ਕਮਿਸ਼ਨ ਦੀ ਟੀਮ ਤਰਨਤਾਰਨ ਰਵਾਨਾ ਹੋ ਗਈ। ਜ਼ਿਕਰਯੋਗ ਹੈ ਕਿ ‘ਆਪ’ ਦੇ ਸੀਨੀਅਰ ਆਗੂ ਐੱਚਐੱਸ ਫੂਲਕਾ ਨੇ ਵੀ ਜਲੰਧਰ ਦੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਸੀ ਤੇ ਉਨ੍ਹਾਂ ਵੋਟਿੰਗ ਮਸ਼ੀਨਾਂ ਵਿਚ ਗੜਬੜੀ ਕਰਨ ਦੇ ਦੋਸ਼ ਲਾਏ ਸਨ। ‘ਆਪ’ ਵਲੰਟੀਅਰਾਂ ਨੇ ਉਦੋਂ ਇਹ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਸੀਸੀ ਟੀਵੀ ਕੈਮਰਿਆਂ ਦੀ ਫੁਟੇਜ ਦਿੱਤੀ ਜਾਵੇ ਅਤੇ ਉਸ ਥਾਂ ‘ਤੇ ਬੈਠਣ ਦੀ ਆਗਿਆ ਦਿੱਤੀ ਜਾਵੇ ਜਿੱਥੋਂ ਸਟਰਾਂਗ ਰੂਮ ਉਨ੍ਹਾਂ ਨੂੰ ਨਜ਼ਰ ਆਉਂਦਾ ਰਹੇ। ਭਾਰਤੀ ਚੋਣ ਕਮਿਸ਼ਨ ਦੀ ਟੀਮ ਲੁਧਿਆਣਾ ਵੀ ਪੁੱਜੀ। ਟੀਮ ਨੇ ਮੌਕਾ ਦੇਖਿਆ ਅਤੇ ਉਮੀਦਵਾਰਾਂ ਤੇ ਚੋਣ ਏਜੰਟਾਂ ਨਾਲ ਵੀ ਮੀਟਿੰਗ ਕੀਤੀ।
ਇੱਥੇ ਬੱਚਤ ਭਵਨ ਵਿੱਚ ਮੀਟਿੰਗ ਵਿਚ ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਰਵੀ ਭਗਤ, ਪੁਲਿਸ ਕਮਿਸ਼ਨਰ ਲੁਧਿਆਣਾ ਜਤਿੰਦਰ ਸਿੰਘ ਔਲਖ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ, ਡਿਪਟੀ ਕਮਿਸ਼ਨਰ ਪੁਲਿਸ ਮਨਦੀਪ ਸਿੰਘ ਸਿੱਧੂ, ਸਾਰੇ ਰਿਟਰਨਿੰਗ ਅਫ਼ਸਰ, ਪੁਲਿਸ ਅਫ਼ਸਰ ਅਤੇ ਉਮੀਦਵਾਰ ਤੇ ਚੋਣ ਏਜੰਟ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟੀਮ ਦੇ ਮੁਖੀ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਚੋਣ ਅਫ਼ਸਰ ਨਰਿੰਦਰ ਚੌਹਾਨ ਅਤੇ ਦਿੱਲੀ ਦੇ ਵਧੀਕ ਮੁੱਖ ਚੋਣ ਅਫ਼ਸਰ ਰਾਜੇਸ਼ ਕੁਮਾਰ ਨੇ ਸਾਰੇ ਉਮੀਦਵਾਰਾਂ ਤੋਂ ਉਨ੍ਹਾਂ ਦੇ ਤੌਖ਼ਲਿਆਂ ਅਤੇ ਸ਼ੰਕਿਆਂ ਬਾਰੇ ਪੁੱਛਿਆ।
ਉਮੀਦਵਾਰਾਂ ਨੇ ਬਿਜਲਈ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਟੀਮ ਨੇ ਸਾਰੇ ਉਮੀਦਵਾਰਾਂ ਅਤੇ ਚੋਣ ਏਜੰਟਾਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਸਟਰੌਂਗ ਰੂਮ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਬਾਕਾਇਦਾ ਲਾਗ ਬੁੱਕ ਲਾਈ ਗਈ ਹੈ ਤੇ ਨੀਮ ਫ਼ੌਜੀ ਬਲਾਂ ਅਤੇ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟਰੌਂਗ ਰੂਮਾਂ ਦਾ ਉਮੀਦਵਾਰਾਂ ਵੱਲੋਂ ਕਿਸੇ ਵੇਲੇ ਵੀ ਜਾਇਜ਼ਾ ਲਿਆ ਜਾ ਸਕਦਾ ਹੈ।
ਮੀਟਿੰਗ ਮਗਰੋਂ ਟੀਮ ਵੱਲੋਂ ਹਲਕਾ ਗਿੱਲ ਸਮੇਤ ਹੋਰ ਹਲਕਿਆਂ ਦੇ ਸਟਰੌਂਗ ਰੂਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਸੀਸੀਟੀਵੀ ਕੈਮਰੇ ਤੇ ਹੋਰ ਤੱਥਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਸ਼ਿਕਾਇਤ ਸਬੰਧੀ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਬਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੋਣ ਏਜੰਟਾਂ ਨੇ ਤਸੱਲੀ ਪ੍ਰਗਟਾਈ।

Check Also

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ

ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …