ਭਾਜਪਾ ਦਿੱਲੀ ਸਰਕਾਰ ਦੀਆਂ ਯੋਜਨਾਵਾਂ ਤੋਂ ਘਬਰਾਈ : ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਰੋਪ ਲਾਇਆ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗਿ੍ਰਫਤਾਰ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਨੂੰ ਆਗਾਮੀ ਦਿਨਾਂ ਦੌਰਾਨ ਕਿਸੇ ‘ਫਰਜ਼ੀ’ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਜਾ ਸਕਦਾ ਹੈ। ਕੇਜਰੀਵਾਲ ਨੇ ਇਹ ਗੱਲ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਕਹੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਅਤੇ ਸਿਹਤ ਵਿਭਾਗਾਂ ਨੇ ‘ਆਪ’ ਦੇ ਵਾਅਦਿਆਂ ਉਤੇ ਆਧਾਰਤ ਯੋਜਨਾਵਾਂ ਤੋਂ ਆਪਣੇ ਆਪ ਨੂੰ ਲਾਂਭੇ ਕਰ ਲਿਆ ਹੈ। ਇਸ ਕਾਰਨ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਕੇਜਰੀਵਾਲ ਨੇ ਆਰੋਪ ਲਗਾਇਆ ਕਿ ਭਾਜਪਾ ਦਿੱਲੀ ਸਰਕਾਰ ਦੀਆਂ ਯੋਜਨਾਵਾਂ ਤੋਂ ਘਬਰਾ ਗਈ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਆਤਿਸ਼ੀ ਨੂੰ ਆਉਣ ਵਾਲੇ ਦਿਨਾਂ ਵਿੱਚ ‘ਫਰਜ਼ੀ’ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਤਿਸ਼ੀ ਦੀ ਗਿ੍ਰਫਤਾਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਖਿਲਾਫ ਛਾਪੇ ਵੀ ਮਾਰੇ ਜਾ ਸਕਦੇ ਹਨ।