ਦਿੱਲੀ ’ਚ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਨੂੰ ਦਿਆਂਗੇ ਹਰ ਮਹੀਨੇ 18 ਹਜ਼ਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਿੱਲੀ ਵਿਚ ਦੁਬਾਰਾ ਸਰਕਾਰ ਬਣਾਉਂਦੀ ਹੈ ਤਾਂ ਉਹ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਲਈ ਸਨਮਾਨ ਯੋਜਨਾ ਸ਼ੁਰੂ ਕਰੇਗੀ। ਇਸਦੇ ਤਹਿਤ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਮੰਦਿਰਾਂ ਦੇ ਪੁਜਾਰੀਆਂ ਨੂੰ ਹਰ ਮਹੀਨੇ 18-18 ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇਗਾ। ਕੇਜਰੀਵਾਲ ਨੇ ਦੱਸਿਆ ਕਿ ਇਸ ਯੋਜਨਾ ਦੇ ਲਈ ਰਜਿਸਟਰੇਸ਼ਨ ਭਲਕੇ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਕੇਜਰੀਵਾਲ ਦੇ ਇਸ ਐਲਾਨ ਦੇ ਨਾਲ ਪੰਜਾਬ ਵਿਚ ਵੀ ਚਰਚਾ ਛਿੜ ਗਈ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਇਸ ਤੋਂ ਪਹਿਲਾਂ ਮਹਿਲਾਵਾਂ ਅਤੇ ਆਟੋ ਰਿਕਸ਼ਾ ਵਾਲਿਆਂ ਲਈ ਐਲਾਨ ਕੀਤੇ ਸਨ। ਉਧਰ ਦੂਜੇ ਪਾਸੇ ਦਿੱਲੀ ਵਕਫ ਬੋਰਡ ਦੇ ਇਮਾਮਾਂ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਹੈ। ਇਮਾਮਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਪਿਛਲੇ 17 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸਦੇ ਲਈ ਉਹ ਮੁੱਖ ਮੰਤਰੀ ਅਤੇ ਉਪ ਰਾਜਪਾਲ ਨੂੰ ਸ਼ਿਕਾਇਤ ਵੀ ਭੇਜ ਚੁੱਕੇ ਹਨ। ਦੱਸਣਯੋਗ ਹੈ ਕਿ ਆਉਂਦੇ ਫਰਵਰੀ ਜਾਂ ਮਾਰਚ ਮਹੀਨੇ ਦੌਰਾਨ ਨਵੀਂ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ।