ਸਾਬਕਾ ਏਡੀਜੀਪੀ ਜਸਕਰਨ ਸਿੰਘ ਵੀ ਡੱਲੇਵਾਲ ਨੂੰ ਮਨਾਉਣ ਲਈ ਪਹੁੰਚੇ
ਖਨੌਰੀ/ਬਿਊਰੋ ਨਿਊੁਜ਼
ਖਨੌਰੀ ਬਾਰਡਰ ’ਤੇ ਪਿੰਡ ਢਾਬੀ ਗੁੱਜਰਾਂ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਗਿਆ ਮਰਨ ਵਰਤ ਅੱਜ 35ਵੇਂ ਦਿਨ ਵੀ ਜਾਰੀ ਰਿਹਾ ਹੈ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਚਿੰਤਾਜਨਕ ਹੋ ਗਈ ਹੈ। ਦੂਜੇ ਪਾਸੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਡੱਲੇਵਾਲ ਨੂੰ ਮਨਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਪੰਜਾਬ ਦੇ ਸਾਬਕਾ ਏਡੀਜੀਪੀ ਜਸਕਰਨ ਸਿੰਘ ਵੀ ਖਨੌਰੀ ਬਾਰਡਰ ’ਤੇ ਪਹੁੰਚੇ ਅਤੇ ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ ਹੈ। ਜਸਕਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਕਿਸਾਨ ਆਗੂ ਡੱਲੇਵਾਲ ਇਲਾਜ ਦੀ ਸਹਿਮਤੀ ਦੇ ਦੇਣ ਅਤੇ ਡਾਕਟਰਾਂ ਦੀ ਉਚ ਪੱਧਰੀ ਟੀਮ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਹੁਤ ਕੀਮਤੀ ਹੈ ਅਤੇ ਉਨ੍ਹਾਂ ਨੂੰ ਮਨਾਉਣ ਲਈ ਵਾਰ ਵਾਰ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।