
ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਖਨੌਰੀ/ਬਿਊਰੋ ਨਿਊਜ਼ : ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਥੇ ਹੀ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਨੂੰ ਵੀ ਅੱਜ 37 ਦਿਨ ਹੋ ਗਏ ਹਨ। ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਪਹੁੰਚਦੇ ਹਨ ਅਤੇ ਆਉਂਦੀ 4 ਜਨਵਰੀ ਨੂੰ ਕਿਸਾਨਾਂ ਵਲੋਂ ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਾਂਪੰਚਾਇਤ ਰਾਹੀਂ ਪੰਜਾਬ ਵਾਸੀਆਂ ਲਈ ਸੰਦੇਸ਼ ਜਾਰੀ ਕਰਨਗੇ। ਉਧਰ ਸ਼ੰਭੂ ਬਾਰਡਰ ’ਤੇ ਡਟੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਗਿਆ ਕਿ 6 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ।

