ਲੋਕ ਸਭਾ ਸਣੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਹੱਥ ਖਾਲੀ; ਵੱਡੇ ਆਗੂਆਂ ਦਾ ਪ੍ਰਚਾਰ ਵੀ ਕੰਮ ਨਾ ਆਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਸਿਆਸਤ ਵਿੱਚ ਲਗਾਤਾਰ ਤੀਜੀ ਵਾਰ ਲੋਹਾ ਮਨਵਾਉਣ ਵਾਲੀ ਭਾਜਪਾ ਲਈ ਸਾਲ 2024 ਦਾ ਵਰ੍ਹਾ ਪੰਜਾਬ ਵਿੱਚ ਬਹੁਤਾ ਵਧੀਆ ਨਹੀਂ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਭਾਵੇਂ ਭਾਜਪਾ ਕੇਂਦਰ ਵਿੱਚ ਤੀਜੀ ਵਾਰ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ ਹੈ, ਪਰ ਪੰਜਾਬ ਵਿੱਚ ਪੈਰ ਲਾਉਣ ਵਿੱਚ ਨਾਕਾਮ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਵੀ ਪਾਰਟੀ ਦੇ ਪੱਲੇ ਕੁਝ ਨਹੀਂ ਪਿਆ। ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਵੀ ਪਾਰਟੀ ਦੀ ਕਾਰਗੁਜ਼ਾਰੀ ਚੰਗੀ ਨਹੀਂ ਰਹੀ। ਲੋਕ ਸਭਾ ਚੋਣਾਂ ਦੌਰਾਨ ਵੀ ਪਾਰਟੀ ਵੱਲੋਂ ਬਾਹਰੀ ਆਗੂਆਂ ‘ਤੇ ਟੇਕ ਰੱਖਣ ਕਰ ਕੇ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰਨਾ ਪਿਆ ਹੈ।
ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਟਿਆਲਾ, ਅਰਵਿੰਦ ਖੰਨਾ ਨੂੰ ਸੰਗਰੂਰ ਤੋਂ ਅਰਵਿੰਦ ਖੰਨਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਫ਼ਰੀਦਕੋਟ ਤੋਂ ਹੰਸ ਰਾਜ ਹੰਸ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਆਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਤੇ ਹੋਰਨਾਂ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਇਨ੍ਹਾਂ ਚੋਣਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਸੀਨੀਅਰ ਆਗੂਆਂ ਨੇ ਸੂਬੇ ‘ਚ ਪ੍ਰਚਾਰ ਵੀ ਕੀਤਾ ਸੀ ਪਰ ਇਹ ਕਿਸੇ ਕੰਮ ਨਾ ਆਇਆ। ਹਾਲਾਂਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਵੋਟ ਫ਼ੀਸਦ ‘ਚ ਵਾਧਾ ਜ਼ਰੂਰ ਹੋਇਆ। ਉੱਥੇ ਹੀ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਭਾਜਪਾ ਨੇ ਲੁਧਿਆਣਾ ਤੋਂ ਚੋਣ ਲੜਨ ਵਾਲੇ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਜ਼ਰੂਰ ਬਣਾ ਦਿੱਤਾ ਹੈ।
ਇਸ ਤੋਂ ਬਾਅਦ ਭਾਜਪਾ ਨੂੰ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਚੱਬੇਵਾਲ ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੂਬੇ ਵਿੱਚ ਹੋਈਆਂ ਪੰਚਾਇਤੀ ਚੋਣਾਂ, ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵੀ ਪਾਰਟੀ ਦੇ ਪੱਲੇ ਬਹੁਤਾ ਕੁਝ ਨਹੀਂ ਪਿਆ।
ਸੂਬੇ ਦੇ ਕਿਸਾਨ ਭਾਜਪਾ ਤੋਂ ਨਾਰਾਜ਼
ਪੰਜਾਬ ਵਿੱਚ ਭਾਜਪਾ ਦੇ ਅਜਿਹੇ ਹਾਲਾਤ ਲਈ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਅਣਦੇਖਿਆ ਕਰਨਾ ਮੰਨਿਆ ਜਾ ਰਿਹਾ ਹੈ। ਤਿੰਨ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਮਨਾਂ ਵਿੱਚ ਪੈਦਾ ਹੋਇਆ ਰੋਹ ਹਾਲੇ ਤੱਕ ਸ਼ਾਂਤ ਨਹੀਂ ਹੋਇਆ। ਇਸ ਕਰਕੇ ਲੋਕ ਸਭਾ ਚੋਣਾਂ ਤੇ ਜ਼ਿਮਨੀ ਚੋਣਾਂ ਦੌਰਾਨ ਕਿਸਾਨਾਂ ਨੇ ਭਾਜਪਾ ਦਾ ਵਿਰੋਧ ਕੀਤਾ ਹੈ। ਹੁਣ ਵੀ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਾਰ ਨਾ ਲੈਣ ਕਾਰਨ ਕਿਸਾਨਾਂ ਦੇ ਮਨਾਂ ਵਿੱਚ ਭਾਜਪਾ ਖਿਲਾਫ ਨਾਰਾਜ਼ਗੀ ਹੋਰ ਵਧ ਰਹੀ ਹੈ।