Breaking News
Home / ਪੰਜਾਬ / ਕੇਂਦਰ ਸਰਕਾਰ ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਏ: ਧਾਮੀ

ਕੇਂਦਰ ਸਰਕਾਰ ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਏ: ਧਾਮੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਡਾ. ਮਨਮੋਹਨ ਸਿੰਘ ਨਮਿਤ ਸੋਗ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ।
ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸ ਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ ‘ਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ ‘ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ।

 

Check Also

ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ

ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ …