Home / ਪੰਜਾਬ / ਕਿਸਾਨਾਂ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਕਿਸਾਨਾਂ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਭਰਵਾਂ ਹੁੰਗਾਰਾ

ਸੂਬੇ ਵਿੱਚ 9 ਘੰਟੇ ਸੜਕੀ ਤੇ ਰੇਲ ਆਵਾਜਾਈ ਮੁਕੰਮਲ ਤੌਰ ‘ਤੇ ਰਹੀ ਠੱਪ; ਕਿਸਾਨਾਂ ਵੱਲੋਂ 200 ਤੋਂ ਵੱਧ ਥਾਵਾਂ ‘ਤੇ ਰੋਸ ਮੁਜ਼ਾਹਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ‘ਤੇ ਕਾਨੂੰਨੀ ਗਾਰੰਟੀ ਤੇ ਕਿਸਾਨਾਂ-ਮਜ਼ਦੂਰਾਂ ਦੀਆਂ ਹੋਰ ਮੰਗਾਂ ਦੇ ਹੱਕ ‘ਚ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਸੋਮਵਾਰ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੂਬੇ ਵਿੱਚ 200 ਤੋਂ ਵੱਧ ਥਾਵਾਂ ‘ਤੇ ਡੇਰੇ ਲਾ ਕੇ ਸੜਕਾਂ ਅਤੇ ਰੇਲ ਆਵਾਜਾਈ ਮੁਕੰਮਲ ਤੌਰ ‘ਤੇ ਠੱਪ ਕਰ ਦਿੱਤੀ, ਜੋ 9 ਘੰਟੇ ਬਾਅਦ ਸ਼ਾਮ 4 ਵਜੇ ਤੋਂ ਬਾਅਦ ਹੀ ਬਹਾਲ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਸਾਰੇ ਬਾਜ਼ਾਰ, ਮੰਡੀਆਂ ਤੇ ਨਿੱਜੀ ਖੇਤਰ ਨਾਲ ਜੁੜੇ ਦਫ਼ਤਰ ਬੰਦ ਰਹੇ ਹਨ।
ਕਿਸਾਨ ਆਗੂਆਂ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਖੁੱਲ੍ਹੀਆਂ ਦੁਕਾਨਾਂ, ਸਰਕਾਰੀ ਤੇ ਨਿੱਜੀ ਦਫ਼ਤਰਾਂ ਨੂੰ ਵੀ ਬੰਦ ਕਰਵਾਇਆ ਗਿਆ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਗਿਆ। ‘ਪੰਜਾਬ ਬੰਦ’ ਵਿੱਚ ਸੂਬੇ ਦੇ ਵੱਡੀ ਗਿਣਤੀ ਵਪਾਰੀ, ਧਾਰਮਿਕ ਸੰਸਥਾਵਾਂ, ਮੁਲਾਜ਼ਮ, ਵਿਦਿਆਰਥੀ, ਟਰਾਂਸਪੋਰਟਰ ਅਤੇ ਹੋਰਨਾਂ ਜਥੇਬੰਦੀਆਂ ਸ਼ਾਮਲ ਸਨ, ਜਿਨ੍ਹਾਂ ਬੰਦ ਲਈ ਭਰਵਾਂ ਸਹਿਯੋਗ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ, ਕਿਸਾਨ, ਮਜ਼ਦੂਰ, ਬਜ਼ੁਰਗ ਤੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਸਵੇਰੇ 7 ਵਜੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਸੜਕ ਤੇ ਰੇਲ ਆਵਾਜਾਈ ਠੱਪ ਕਰ ਦਿੱਤੀ। ਇਸ ਦੌਰਾਨ ਸੂਬੇ ਵਿੱਚ 170 ਦੇ ਕਰੀਬ ਰੇਲ ਗੱਡੀਆਂ ਅਤੇ 550 ਦੇ ਕਰੀਬ ਬੱਸਾਂ ਰੱਦ ਹੋ ਗਈਆਂ ਹਨ। ‘ਪੰਜਾਬ ਬੰਦ’ ਕਾਰਨ ਸਵੇਰੇ ਤੋਂ ਸ਼ਾਮ ਤੱਕ ਸੂਬੇ ਵਿੱਚ ਨਾ ਤਾਂ ਕੋਈ ਬੱਸ ਦਾਖਲ ਹੋ ਸਕੀ ਅਤੇ ਨਾ ਹੀ ਬਾਹਰ ਗਈ। ਇਸ ਦੌਰਾਨ ਪੈਟਰੋਲ ਪੰਪ ਅਤੇ ਸਮੁੱਚੇ ਬਾਜ਼ਾਰ ਵੀ ਬੰਦ ਰਹੇ। ਹਾਲਾਂਕਿ, ਕਿਸਾਨਾਂ ਵੱਲੋਂ ਬਾਜ਼ਾਰ ਬੰਦ ਕਰਵਾਉਣ ਸਮੇਂ ਪਟਿਆਲਾ, ਲੁਧਿਆਣਾ, ਜਲੰਧਰ, ਫ਼ਰੀਦਕੋਟ ਤੇ ਹੋਰਨਾਂ ਕਈ ਥਾਵਾਂ ‘ਤੇ ਕਿਸਾਨਾਂ ਅਤੇ ਵਪਾਰੀਆਂ ਵਿੱਚ ਤਕਰਾਰ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਵੀ ‘ਪੰਜਾਬ ਬੰਦ’ ਦੌਰਾਨ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਉਧਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪੰਜਾਬ ਵਿੱਚ ਸਵੇਰ ਤੋਂ ਹੀ ਸੜਕੀ ਤੇ ਰੇਲ ਆਵਾਜਾਈ ਠੱਪ ਕਰ ਦਿੱਤੀ ਗਈ ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਇੱਕ ਥਾਂ ਤੋਂ ਦੂਜੀ ਥਾਂ ‘ਤੇ ਜਾਣ ਵਿੱਚ ਨਾਕਾਮ ਰਹੇ ਜਿਨ੍ਹਾਂ ਨੂੰ ਕਈ-ਕਈ ਘੰਟੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਬੈਠਣਾ ਪਿਆ ਜਦਕਿ ਕਈਆਂ ਨੂੰ ਸੜਕਾਂ ‘ਤੇ ਰੁਲਣਾ ਪਿਆ। ਵੱਖ-ਵੱਖ ਖੇਤਰਾਂ ਵਿੱਚ ਵਪਾਰੀਆਂ ਦਾ ਕਾਰੋਬਾਰ ਸਾਰਾ ਦਿਨ ਠੱਪ ਰਿਹਾ।
ਕਿਸਾਨਾਂ ਨਾਲ ਗੱਲਬਾਤ ਕਰ ਕੇ ਮੰਗਾਂ ਪੂਰੀਆਂ ਕਰੇ ਸਰਕਾਰ : ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ ਕਿਸਾਨ 13 ਫਰਵਰੀ ਤੋਂ ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਹਨ, ਜਿਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਦੀ ਖ਼ਰੀਦ ‘ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕੀਤੇ ਜਾਣ। ਇਸ ਤੋਂ ਇਲਾਵਾ ਮਨਰੇਗਾ ਵਿੱਚ 200 ਦਿਨ ਰੁਜ਼ਗਾਰ ਅਤੇ ਦਿਹਾੜੀ 700 ਰੁਪਏ ਕਰਨ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਆਦਿਵਾਸੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਠੋਸ ਹੱਲ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਖਨੌਰੀ ਬਾਰਡਰ ‘ਤੇ ਕੋਈ ਕਾਰਵਾਈ ਕਰਨ ਦੀ ਥਾਂ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ। ਪੰਧੇਰ ਨੇ ‘ਪੰਜਾਬ ਬੰਦ’ ਨੂੰ ਸਫ਼ਲ ਬਣਾਉਣ ਵਿੱਚ ਸਾਥ ਦੇਣ ਵਾਲੇ ਸਮੂਹ ਪੰਜਾਬੀਆਂ ਸਮੇਤ ਸਾਰੀਆਂ ਜਨਤਕ ਤੇ ਟਰੇਡ ਯੂਨੀਅਨਾਂ ਦਾ ਧੰਨਵਾਦ ਕੀਤਾ।

 

Check Also

ਕਿਸਾਨਾਂ ਦਾ ਭਲਕੇ 21 ਜਨਵਰੀ ਦਾ ਦਿੱਲੀ ਮਾਰਚ ਮੁਲਤਵੀ

ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਪਟਿਆਲਾ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ …