ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਹੋਰ ਚਿੰਤਾਜਨਕ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਦਾ ਇਹ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ ਰਿਹਾ ਹੈ। ਇਸੇ ਦੌਰਾਨ ਅੱਜ ਡੱਲੇਵਾਲ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸੁਣਵਾਈ ਹੋਣੀ ਸੀ, ਪਰ ਇਹ ਸੁਣਵਾਈ ਅੱਜ ਟਾਲ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਹੁਤ ਹੀ ਚਿੰਤਾਜਨਕ ਹੋ ਗਈ ਹੈ ਅਤੇ ਉਨ੍ਹਾਂ ਦੇ ਸਰੀਰ ਦੇ ਕਈ ਅੰਗ ਪੂਰੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਏਨੀ ਨਾਜ਼ੁਕ ਹੋ ਗਈ ਹੈ ਕਿ ਉਨ੍ਹਾਂ ਦੀਆਂ ਕਿਡਨੀਆਂ, ਲੀਵਰ ਅਤੇ ਫੇਫੜਿਆਂ ਵਿਚ ਵੀ ਖਰਾਬੀ ਆ ਰਹੀ ਹੈ ਅਤੇ ਇਸ ਸਬੰਧੀ ਰਿਕਵਰੀ ਹੋਣੀ ਵੀ ਮੁਸ਼ਕਲ ਹੋ ਜਾਵੇਗੀ। ਧਿਆਨ ਰਹੇ ਕਿ ਬਹੁਤ ਸਾਰੇ ਸਿਆਸੀ ਆਗੂ ਅਤੇ ਸਰਕਾਰੀ ਅਧਿਕਾਰੀ ਵੀ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਤਾਂ ਗਏ ਹਨ ਪਰ ਮਸਲੇ ਦਾ ਹੱਲ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।