ਚੀਫ ਸੈਕਟਰੀ ਦੀ ਅਗਵਾਈ ਹੇਠ ਕਮੇਟੀ ਦਾ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਹੁਣ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹਣ ਲਈ ਨਵੀਂ ਨੀਤੀ ਲਿਆਏਗੀ, ਜਿਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਰੋਧੀ ਧਿਰਾਂ ਵੱਲੋਂ ਨਸ਼ਿਆਂ ਦੇ ਪ੍ਰਕੋਪ ਦੇ ਮੱਦੇਨਜ਼ਰ ਸੱਤਾਧਾਰੀ ਧਿਰ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਦੱਸਿਆ ਗਿਆ ਹੈ ਕਿ ਇਸ ਨਵੀਂ ਨੀਤੀ ਦਾ ਇੱਕੋ ਮਕਸਦ ਨਸ਼ਿਆਂ ਦੀ ਰੋਕਥਾਮ, ਨਸ਼ਾ ਛੁਡਾਉਣਾ ਅਤੇ ਨਸ਼ੇੜੀਆਂ ਦਾ ਮੁੜ ਵਸੇਬਾ ਕਰਾਉਣ ਦਾ ਪ੍ਰਬੰਧ ਕਰਨਾ ਅਤੇ ਪ੍ਰੋਗਰਾਮ ਉਲੀਕਣਾ ਹੈ। ਇਸ ਨਵੀਂ ਨੀਤੀ ਨੂੰ ਸੂਬਾ ਸਰਕਾਰ ਆਉਂਦੇ ਦੋ-ਤਿੰਨ ਮਹੀਨਿਆਂ ਵਿੱਚ ਲਾਗੂ ਕਰਨ ਦੇ ਰੌਂਅ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਨੀਤੀ ਨੂੰ ਤਿਆਰ ਕਰਨ ਵਾਸਤੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੂਬੇ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੀ ਨਿਗਰਾਨੀ ਤੇ ਤਾਲਮੇਲ ਲਈ ਚੀਫ ਸੈਕਟਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਇੱਕ ਸਟੇਟ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਜਿਸ ਦਾ ਨੋਡਲ ਅਫਸਰ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਲਾਇਆ ਗਿਆ ਹੈ।