ਸਿਹਤ ਮੰਤਰੀ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੇ ਕੁਝ ਸੂਬਿਆਂ ਵਿਚ ਸਾਹਮਣੇ ਆਏ ਹਿਊਮਨ ਮੈਟਾਨਿਊਮੋ ਵਾਇਰਸ (ਐਚ.ਐਮ.ਪੀ.ਵੀ.) ਦੇ ਮਾਮਲਿਆਂ ਦੇ ਚੱਲਦਿਆਂ ਭਾਰਤ ਸਰਕਾਰ ਨੇ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਖਾਸ ਤੌਰ ’ਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਡਾ. ਬਲਬੀਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਵਾਇਰਸ ਤੋਂ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਸੰਪਰਕ ਵਿਚ ਹੈ ਅਤੇ ਜੇਕਰ ਵਾਇਰਸ ਫੈਲਣ ਸਬੰਧੀ ਕੋਈ ਸਥਿਤੀ ਬਣਦੀ ਹੈ ਤਾਂ ਪੰਜਾਬ ਸਰਕਾਰ ਉਸ ਸਥਿਤੀ ਨਾਲ ਨਿਪਟਣ ਲਈ ਤਿਆਰ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਵਾਇਰਸ ਕੋਈ ਗੰਭੀਰ ਸਮੱਸਿਆ ਨਹੀਂ ਹੈ ਅਤੇ ਇਸ ਤੋਂ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਾਇਰਸ ਸਬੰਧੀ ਸੂਬੇ ਦੇ ਸਾਰੇ ਡਾਕਟਰਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕਰ ਦਿੱਤੀ ਗਈ ਹੈ।