2012 ਤੋਂ 2017 ਦੌਰਾਨ ਭਾਰਤ ਦੇ ਰਾਸ਼ਟਰਪਤੀ ਰਹੇ ਹਨ ਮੁਖਰਜੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਕੀਤੀ ਜਾ ਰਹੀ ਮੰਗ ਵਿਚਾਲੇ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਯਾਦਗਾਰ ਪਹਿਲਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨੇ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ ਨੂੰ ਚਿੱਠੀ ਲਿਖ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 2019 ’ਚ ਪ੍ਰਣਬ ਮੁਖਰਜੀ ਨੂੰ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਵੀ ਕਰ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ, ਦਿੱਲੀ ਵਿਚ ਰਾਜਘਾਟ ਦੇ ਨੇੜੇ ਬਣਾਏ ਗਏ ‘ਰਾਸ਼ਟਰੀ ਯਾਦਗਾਰ ਸਥਾਨ’ ਵਿਚ ਪ੍ਰਣਬ ਮੁਖਰਜੀ ਦੀ ਯਾਦਗਾਰ ਲਈ ਜ਼ਮੀਨ ਦੀ ਚੋਣ ਕਰ ਲਈ ਗਈ ਹੈ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਸਬੰਧੀ ਵੀ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 31 ਅਗਸਤ 2020 ਨੂੰ ਦਿਹਾਂਤ ਹੋ ਗਿਆ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀ ਲੰਘੀ 26 ਦਸੰਬਰ ਨੂੰ ਦਿਹਾਂਤ ਹੋ ਗਿਆ ਸੀ।