‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ’ਤੇ ਜਤਾਇਆ ਇਤਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਯੂਟੀ ਪ੍ਰਸ਼ਾਸਨ ਵਿਚ ਦੋ ਆਈ.ਏ.ਐਸ. ਅਧਿਕਾਰੀਆਂ ਦੀਆਂ ਅਸਾਮੀਆਂ ਵਧਾਈਆਂ ਹਨ ਅਤੇ ਹੁਣ ਇਨ੍ਹਾਂ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ। ਚੰਡੀਗੜ੍ਹ ’ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ’ਤੇ ਸਿਆਸਤ ਵੀ ਗਰਮਾ ਗਈ ਹੈ। ਇਸਦੇ ਚੱਲਦਿਆਂ ਪੰਜਾਬ ’ਚ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ’ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਦੀ ਦਲੀਲ ਹੈ ਕਿ ਕੇਂਦਰ ਦਾ ਇਹ ਫੈਸਲਾ ਪੰਜਾਬ ਦੇ ਹੱਕਾਂ ’ਤੇ ਡਾਕਾ ਹੈ।