ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ ਮੰਨਿਆ ਜਾਣਾ ਚਾਹੀਦੈ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ‘ਚ ਟਾਲ ਮਟੋਲ ਨਾ ਕਰਨ।
ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ ਪੰਜ ਸਿੰਘ ਸਾਹਿਬਾਨ ਦੇ ਫ਼ੈਸਲੇ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਅਕਾਲੀ ਦਲ ਨੂੰ ਇਸ ਫ਼ੈਸਲੇ ਨੂੰ ਪ੍ਰਵਾਨ ਕਰਨ ਵਿੱਚ ਟਾਲ ਮਟੋਲ ਦੀ ਨੀਤੀ ਨਹੀਂ ਅਪਣਾਉਣੀ ਚਾਹੀਦੀ। ਅਕਾਲ ਤਖਤ ਸਾਹਿਬ ਤੋਂ ਗਿਆਨੀ ਰਘਬੀਰ ਸਿੰਘ ਸਮੇਤ ਪੰਜ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਖਿਲਾਫ ਤਨਖਾਹ ਸੁਣਾਈ ਸੀ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹੁਕਮ ਦਿੱਤਾ ਗਿਆ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨਾਂ ਅੰਦਰ ਇਸ ਦੀ ਰਿਪੋਰਟ ਅਕਾਲ ਤਖਤ ਸਾਹਿਬ ਨੂੰ ਭੇਜੀ ਜਾਵੇ ਪਰ ਅਜਿਹਾ ਨਹੀਂ ਹੋਇਆ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਸ਼ਿਕਾਇਤ ਦੇ ਮਾਮਲੇ ਵਿੱਚ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਮਾਮਲੇ ‘ਚ ਵੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਹੀਂ ਆਉਂਦਾ ਅਤੇ ਇਸ ਦੀ ਜਾਂਚ ਅਕਾਲ ਤਖਤ ਸਾਹਿਬ ਨੂੰ ਸੌਂਪੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਂਝ ਵੀ ਜਦੋਂ ਗਿਆਨੀ ਹਰਪ੍ਰੀਤ ਸਿੰਘ ਗੁਰੂ ਦੀ ਹਜ਼ੂਰੀ ਵਿਚ ਸਪੱਸ਼ਟੀਕਰਨ ਦੇ ਚੁੱਕੇ ਹਨ ਤਾਂ ਹੋਰ ਕਿਸੇ ਪੜਤਾਲ ਦੀ ਲੋੜ ਨਹੀਂ ਰਹਿ ਜਾਂਦੀ।
Check Also
ਪਠਾਨਕੋਟ ਵਿਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ
ਸਾਲ 2024 ਦੌਰਾਨ ਇਕ ਹਜ਼ਾਰ ਮੁੰਡਿਆਂ ਪਿੱਛੇ 864 ਕੁੜੀਆਂ ਦਾ ਹੋਇਆ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …