Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਨੂੰ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਨਾ ਮਿਲਿਆ ਸਮਾਂ

ਸੰਯੁਕਤ ਕਿਸਾਨ ਮੋਰਚੇ ਨੂੰ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਨਾ ਮਿਲਿਆ ਸਮਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਵਫ਼ਦ ਨੂੰ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਦਫ਼ਤਰ ਦੇ ਇਕ ਅਧਿਕਾਰੀ ਨੇ ਐੱਸਕੇਐੱਮ ਵੱਲੋਂ ਮੁਲਾਕਾਤ ਦਾ ਸਮਾਂ ਮੰਗਣ ਲਈ ਈ-ਮੇਲ ਰਾਹੀਂ ਕੀਤੀ ਗਈ ਬੇਨਤੀ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਐੱਸਕੇਐੱਮ ਦੀ ਬੇਨਤੀ ਨੂੰ ਵਿਚਾਰਿਆ ਗਿਆ ਹੈ ਪਰ ਸਮੇਂ ਦੀ ਘਾਟ ਕਾਰਨ ਵਫ਼ਦ ਨੂੰ ਮੁਲਾਕਾਤ ਲਈ ਸਮਾਂ ਨਹੀਂ ਦਿੱਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਐੱਸਕੇਐੱਮ ਦੇ ਆਗੂਆਂ ਨੇ ਕੁਝ ਦਿਨ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਸੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਰਾਸ਼ਟਰਪਤੀ ਵੱਲੋਂ ਕਿਸਾਨਾਂ ਨੂੰ ਮੁਲਾਕਾਤ ਲਈ ਸਮਾਂ ਨਾ ਦੇਣ ‘ਤੇ ਅਫ਼ਸੋਸ ਜ਼ਾਹਿਰ ਕੀਤਾ ਹੈ ਪਰ ਨਾਲ ਹੀ ਉਨ੍ਹਾਂ ਦੀ ਮੰਗ ‘ਤੇ ਵਿਚਾਰ ਕਰਨ ਅਤੇ ਲਿਖਤੀ ਜਵਾਬ ਦੇਣ ਲਈ ਰਾਸ਼ਟਰਪਤੀ ਦੀ ਸ਼ਲਾਘਾ ਵੀ ਕੀਤੀ ਹੈ। ਐੱਸਕੇਐੱਮ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਹਨ, ਜਿਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਪਰੀਮ ਕੋਰਟ ਡੱਲੇਵਾਲ ਦੀ ਜਾਨ ਬਚਾਉਣ ਲਈ ਉਸਾਰੂ ਕਦਮ ਚੁੱਕਣ ਵਿੱਚ ਨਾਕਾਮ ਰਹਿ ਰਹੇ ਹਨ। ਇਸ ਕਰਕੇ ਉਕਤ ਮਾਮਲੇ ਦੇ ਹੱਲ ਲਈ ਰਾਸ਼ਟਰਪਤੀ ਦਾ ਦਖ਼ਲ ਜ਼ਰੂਰੀ ਹੈ। ਕਿਸਾਨ ਆਗੂਆਂ ਨੇ ਆਸ ਪ੍ਰਗਟਾਈ ਕਿ ਰਾਸ਼ਟਰਪਤੀ ਭਵਨ ਵੱਲੋਂ ਕਿਸਾਨਾਂ ਦੀ ਮੁਲਾਕਾਤ ਲਈ ਸਮਾਂ ਦੇਣ ਸਬੰਧੀ ਮੰਗ ‘ਤੇ ਮੁੜ ਤੋਂ ਵਿਚਾਰ ਕੀਤਾ ਜਾਵੇਗਾ।

 

Check Also

ਪਠਾਨਕੋਟ ਵਿਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ

ਸਾਲ 2024 ਦੌਰਾਨ ਇਕ ਹਜ਼ਾਰ ਮੁੰਡਿਆਂ ਪਿੱਛੇ 864 ਕੁੜੀਆਂ ਦਾ ਹੋਇਆ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …