ਭਾਜਪਾ ਨੂੰ ਘੇਰਨ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ ਵੱਲੋਂ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸਦੇ ਨਾਲ ਹੀ ਭਾਜਪਾ ਦੀ ਘੇਰਾਬੰਦੀ ਲਈ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ’ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਗਲਤ ਟਿੱਪਣੀਆਂ ਕੀਤੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਭਾਜਪਾ ਨੇ 2014 ਵਿੱਚ ਸੱਤਾ ਵਿੱਚ ਆਉਣ ਮਗਰੋਂ ਯੋਜਨਾਬੱਧ ਢੰਗ ਨਾਲ ਦਲਿਤ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਇਆ ਹੈ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ 2027 ਵਿਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ।