ਡੱਲੇਵਾਲ ਦਾ ਮਰਨ ਵਰਤ 53ਵੇਂ ਦਿਨ ਵੀ ਰਿਹਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ। ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ ਰਿਹਾ ਅਤੇ ਉਨ੍ਹਾਂ ਦਾ ਭਾਰ 20 ਕਿਲੋ ਘਟ ਗਿਆ ਹੈ। ਡੱਲੇਵਾਲ ਦੀ ਸਿਹਤ ਵੀ ਹੁਣ ਚਿੰਤਾਜਨਕ ਹੋ ਗਈ ਹੈ ਅਤੇ ਉਹ ਹੁਣ ਬੋਲ ਵੀ ਨਹੀਂ ਸਕਦੇ। ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਲੇ ਡਾਕਟਰਾਂ ਦਾ ਮੰਨਣਾ ਹੈ ਕਿ ਕਿਸਾਨ ਆਗੂ ਡੱਲੇਵਾਲ ਦੇ ਸਰੀਰ ਦੇ ਕਈ ਅੰਗ ਪੂਰੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਹੇ। ਇਸੇ ਦੌਰਾਨ ਹੋਰ 111 ਕਿਸਾਨਾਂ ਦਾ ਜਥਾ ਵੀ ਡੱਲੇਵਾਲ ਦੇ ਨਾਲ ਮਰਨ ਵਰਤ ’ਤੇ ਬੈਠ ਗਿਆ ਹੈ। ਕਿਸਾਨਾਂ ਦਾ ਆਰੋਪ ਹੈ ਕਿ ਸਰਕਾਰ ਨੇ ਡੱਲੇਵਾਲ ਹੋਰਾਂ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਗਲਤ ਜਾਣਕਾਰੀ ਦਿੱਤੀ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਸਰਕਾਰੀ ਅਧਿਕਾਰੀ ਵੀ ਡੱਲੇਵਾਲ ਨੂੰ ਮਿਲਣ ਪਹੁੰਚੇ ਸਨ, ਪਰ ਮਸਲੇ ਦਾ ਕੋਈ ਵੀ ਹੱਲ ਨਹੀਂ ਨਿਕਲਿਆ ਹੈ।