ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਣਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦਾ ਪੰਜਾਬ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਇਸ ਫਿਲਮ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮਿ੍ਰਤਸਰ ਵਿਚ ਵੱਖ-ਵੱਖ ਥਾਵਾਂ ਅਤੇ ਸਿਨੇਮਾਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਰ੍ਹਾਂ ਬਠਿੰਡਾ, ਜਲੰਧਰ ਤੇ ਲੁਧਿਆਣਾ ਸਣੇ ਵੱਖ-ਵੱਖ ਥਾਵਾਂ ’ਤੇ ਵੀ ਫਿਲਮ ‘ਐਮਰਜੈਂਸੀ’ ਖਿਲਾਫ ਪ੍ਰਦਰਸ਼ਨ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ, ਅਧਿਕਾਰੀਆਂ ਤੇ ਮੈਂਬਰਾਂ ਦੀ ਅਗਵਾਈ ਹੇਠ ਵੱਖ-ਵੱਖ ਸ਼ਾਪਿੰਗ ਮਾਲਾਂ ਵਿੱਚ ਬਣੇ ਸਿਨੇਮਾਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੈਂਬਰਾਂ ਨੇ ਫਿਲਮ ‘ਐਮਰਜੈਂਸੀ’ ਖਿਲਾਫ ਬੈਨਰ, ਤਖਤੀਆਂ ਤੇ ਕਾਲੇ ਝੰਡੇ ਹੱਥਾਂ ਵਿੱਚ ਫੜੇ ਹੋਏ ਸਨ। ਇਸਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਆਖਿਆ ਕਿ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਗਿਆ ਸੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਵੀ ਮੁੱਖ ਮੰਤਰੀ ਨੂੰ ਪੱਤਰ ਭੇਜੇ ਗਏ ਸਨ।