ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੰਜਾਬ ਸਰਕਾਰ ਨੇ ਅਪੀਲ ਕੀਤੀ ਸੀ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਜਾਣ। ਪੰਜਾਬ ਸਰਕਾਰ ਦੀ ਇਸ ਅਪੀਲ ਨੂੰ ਗ੍ਰਹਿ ਮੰਤਰਾਲੇ ਨੇ ਰੱਦ ਕਰ ਦਿੱਤਾ ਹੈ। ਇਸਦੇ ਚੱਲਦਿਆਂ ਹੁਣ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਸ਼ਾਮਲ ਨਹੀਂ ਕੀਤੇ ਜਾਣਗੇ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕਰਨ ਦੀ ਇਜਾਜ਼ਤ ਦੇਣ ਬਾਰੇ ਚਿੱਠੀ ਲਿਖੀ ਸੀ। ਪੰਜਾਬ ਪੁਲਿਸ ਨੇ ਅਰਵਿੰਦ ਕੇਜਰੀਵਾਲ ਨੂੰ ਖਤਰਾ ਹੋਣ ਦਾ ਸੰਕੇਤ ਦਿੰਦੇ ਹੋਏ ਪੰਜਾਬ ਪੁਲਿਸ ਦੀ ਸੁਰੱਖਿਆ ਦੇਣ ਦੀ ਦਲੀਲ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਦਿੱਲੀ ਪੁਲਿਸ ਤੇ ਜ਼ੈੱਡ-ਪਲੱਸ ਸੁਰੱਖਿਆ ਪਹਿਲਾਂ ਹੀ ਪ੍ਰਾਪਤ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ 60 ਤੋ ਵੱਧ ਕਰਮਚਾਰੀ ਤੈਨਾਤ ਹਨ।