ਯੂਕਰੇਨ ਜੰਗ ’ਤੇ ਟਰੰਪ ਦੀ ਪੂਤਿਨ ਨੂੰ ਚਿਤਾਵਨੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਜੰਗ ਦੇ ਮੁੱਦੇ ’ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਚਿਤਾਵਨੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਜੇਕਰ ਪੂਤਿਨ ਜੰਗ ਬਾਰੇ ਗੱਲਬਾਤ ਲਈ ਤਿਆਰ ਨਹੀਂ ਹੁੰਦੇ ਤਾਂ ਅਮਰੀਕਾ ਰੂਸ ’ਤੇ ਪਾਬੰਦੀਆਂ ਲਗਾਏਗਾ। ਟਰੰਪ ਨੇ ਕਿਹਾ ਕਿ ਉਹ ਹਰ ਸਮੇਂ ਪੂਤਿਨ ਨਾਲ ਗੱਲਬਾਤ ਅਤੇ ਵਿਅਕਤੀਗਤ ਤੌਰ ’ਤੇ ਮਿਲਣ ਲਈ ਤਿਆਰ ਹਨ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਟਰੰਪ ਨੇ ਕਿਹਾ ਕਿ ਯੂਕਰੇਨ ਵਿਚ ਜੰਗ ਨਹੀਂ ਹੋਣੀ ਚਾਹੀਦੀ ਸੀ ਅਤੇ ਇਹ ਭਿਆਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਜੰਗ ਵਿਚ ਕਈ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਅਮਰੀਕਾ ਵਿਚ ਇਕ ਸਮਰੱਥ ਰਾਸ਼ਟਰਪਤੀ ਹੁੰਦਾ ਤਾਂ ਇਹ ਜੰਗ ਕਦੀ ਨਹੀਂ ਸੀ ਹੋਣੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕਾਰਜਕਾਲ ਵਿਚ ਰੂਸ ਨੇ ਯੂਕਰੇਨ ’ਤੇ ਹਮਲਾ ਕਰਨ ਦੀ ਹਿੰਮਤ ਨਹੀਂ ਕੀਤੀ ਸੀ।