ਐਸਜੀਪੀਸੀ ਪ੍ਰਧਾਨ ਧਾਮੀ ਵਲੋਂ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿਚੋਂ ਇਕ ਸਨ। ਇਸਦੇ ਚੱਲਦਿਆਂ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਮੱਤੇਵਾਲ ਨੇ ਕਾਨੂੰਨੀ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਤੇ ਹੱਕਾਂ ਲਈ ਅਹਿਮ ਕਾਰਜ ਕੀਤੇ ਹਨ। ਧਾਮੀ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਵਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।