ਕਿਹਾ : ਮੈਂਬਰਸ਼ਿਪ ਵਾਲੀ ਸੱਤ ਮੈਂਬਰੀ ਕਮੇਟੀ ਹੋਵੇ ਐਕਟਿਵ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਜਿਹੜੀ ਸੱਤ ਮੈਂਬਰੀ ਕਮੇਟੀ ਕੰਮ ਕਰ ਰਹੀ ਹੈ, ਉਸ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਕਤ ਕਮੇਟੀ ਪੂਰੀ ਤਰ੍ਹਾਂ ਨਾਲ ਐਕਟਿਵ ਹੋਵੇ। ਇਸਦੇ ਨਾਲ ਹੀ ਜਥੇਦਾਰ ਹੋਰਾਂ ਨੇ ਕਿਹਾ ਕਿ ਵਰਕਿੰਗ ਕਮੇਟੀ ਉਕਤ ਸੱਤ ਮੈਂਬਰੀ ਕਮੇਟੀ ਵਿੱਚ ਵਾਧਾ ਵੀ ਕਰ ਸਕਦੀ ਹੈ। ਇਸੇ ਦੌਰਾਨ ਜਥੇਦਾਰ ਨੇ ਇਹ ਵੀ ਕਿਹਾ ਕਿ ਸਾਰੀ ਮੈਂਬਰਸ਼ਿਪ ਮੁਹਿੰਮ ਇਸ ਕਮੇਟੀ ਦੀ ਨਿਗਰਾਨੀ ਹੇਠ ਚੱਲੇਗੀ। ਗਿਆਨੀ ਹਰਪ੍ਰੀਤ ਸਿੰਘ ਖਿਲਾਫ ਚੱਲ ਰਹੀ ਜਾਂਚ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮਾਣ ਸਨਮਾਨ ਬਰਕਰਾਰ ਰਹਿਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਭਲਕੇ 28 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।