-10.4 C
Toronto
Saturday, January 31, 2026
spot_img
Homeਪੰਜਾਬਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨਤੋੜ ਦੀ ਕੋਸ਼ਿਸ਼ ; ਮੁਲਜ਼ਮ...

ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨਤੋੜ ਦੀ ਕੋਸ਼ਿਸ਼ ; ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਸਣੇ ਕਈ ਥਾਈਂ ਰਿਹਾ ਮੁਕੰਮਲ ਬੰਦ
ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਭੰਨ-ਤੋੜ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀ ਖਿਲਾਫ ਕੇਸ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਖੁਦ ਵੀ ਐੱਸਸੀ ਭਾਈਚਾਰੇ ਨਾਲ ਸਬੰਧਿਤ ਹੈ।
ਇਸ ਮੰਦਭਾਗੀ ਘਟਨਾ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਖਤ ਨਿੰਦਾ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਰੋਸ ਵਜੋਂ ਮੰਗਲਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਸਣੇ ਪੰਜਾਬ ‘ਚ ਕਈ ਥਾਈਂ ਮੁਕੰਮਲ ਬੰਦ ਰਿਹਾ ਅਤੇ ਵੱਖ-ਵੱਖ ਥਾਈਂ ਰੋਸ ਮਾਰਚ ਵੀ ਕੱਢੇ ਗਏ। ਅੰਮ੍ਰਿਤਸਰ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਭੰਨਤੋੜ ਦੇ ਮਾਮਲੇ ਵਿਚ ਸਮੁੱਚੇ ਐਸ.ਸੀ. ਭਾਈਚਾਰੇ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਵੀ ਇਸ ਮੰਦਭਾਗੀ ਘਟਨਾ ਦੇ ਰੋਸ ਵਜੋਂ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠਾ ਅਤੇ ਭਾਜਪਾ ਦੇ ਆਗੂ ਸੁਨੀਲ ਜਾਖੜ ਤੇ ਵਿਜੈ ਸਾਂਪਲਾ ਨੇ ਵੀ ਇਸਦੀ ਨਿਖੇਧੀ ਕੀਤੀ ਸੀ।
ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਵਾਂਗੇ : ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਸਬੰਧਤ ਨੌਜਵਾਨ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਣਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

 

RELATED ARTICLES
POPULAR POSTS