ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਵੀ ਇਕ ਮਹੀਨੇ ਦੀ ਰੋਕ ਵਧੀ
ਅੰਮਿ੍ਰਤਸਰ/ਬਿਊਰੋ ਨਿਊਜ਼
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਜਾਂਚ ਲਈ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਲੰਘੀ 19 ਦਸੰਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵਲੋਂ ਹੰਗਾਮੀ ਇਕੱਤਰਤਾ ਸੱਦੀ ਗਈ ਸੀ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਆਰੋਪਾਂ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਨੂੰ ਮਾਮਲੇ ਦੀ ਜਾਂਚ ਲਈ 15 ਦਿਨ ਦਾ ਸਮਾਂ ਦਿੱਤਾ ਸੀ, ਜਦਕਿ ਕਮੇਟੀ ਦੀ ਮੰਗ ਤੇ ਅੰਤਿ੍ਰੰਗ ਕਮੇਟੀ ਨੇ 31 ਦਸੰਬਰ ਦੀ ਇਕੱਤਰਤਾ ਵਿਚ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਸੀ। ਹੁਣ ਕਮੇਟੀ ਵੱਲੋਂ ਦੁਬਾਰਾ ਮੰਗ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਂਚ ਲਈ ਇਕ ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਹੈ। ਇਸਦੇ ਚੱਲਦਿਆਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਵੀ ਇਕ ਮਹੀਨੇ ਦੀ ਰੋਕ ਵਧ ਗਈ ਹੈ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਣ ਲਈ ਰੋਕ ਲਗਾਈ ਗਈ ਹੈ।