
ਮਹਾਂ ਪੰਚਾਇਤਾਂ ਨੂੰ ਸਫਲ ਬਣਾਉਣ ਵਿਚ ਜੁਟੇ ਕਿਸਾਨ ਆਗੂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਛੇਵੇਂ ਗੇੜ ਦੀ ਗੱਲਬਾਤ 14 ਫਰਵਰੀ ਨੂੰ ਹੋਵੇਗੀ। ਇਹ ਜਾਣਕਾਰੀ ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਲੋਕ ਸਭਾ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ ਅਤੇ ਅਦਾਲਤ ਨੇ ਇਸ ਸਬੰਧੀ ਕਮੇਟੀ ਵੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ 13 ਫਰਵਰੀ 2024 ਨੂੰ ਕਿਸਾਨਾਂ ਵੱਲੋਂ ਪ੍ਰਦਰਸ਼ਨ ਮੁੜ ਸ਼ੁਰੂ ਕੀਤੇ ਜਾਣ ਤੋਂ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਉਨ੍ਹਾਂ ਨਾਲ ਪੰਜ ਗੇੜ ਦੀ ਗੱਲਬਾਤ ਕਰ ਚੁੱਕੀ ਹੈ। ਉਧਰ ਦੂਜੇ ਪਾਸੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਨੂੰ 13 ਫਰਵਰੀ ਨੂੰ ਇਕ ਸਾਲ ਹੋ ਜਾਵੇਗਾ। ਇਸਦੇ ਚੱਲਦਿਆਂ ਕਿਸਾਨਾਂ ਵਲੋਂ 11, 12 ਅਤੇ 13 ਫਰਵਰੀ ਨੂੰ ਤਿੰਨ ਮਹਾਂ ਪੰਚਾਇਤਾਂ ਕੀਤੀਆਂ ਜਾਣੀਆਂ ਹਨ। ਇਨ੍ਹਾਂ ਮਹਾਂ ਪੰਚਾਇਤਾਂ ਨੂੰ ਸਫਲ ਬਣਾਉਣ ਲਈ ਕਿਸਾਨ ਪੂਰੀ ਤਰ੍ਹਾਂ ਜੁਟੇ ਹੋਏ ਹਨ। ਇਹ ਵੀ ਦੱਸਣਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ’ਤੇ ਮਰਨ ਵਰਤ ਰੱਖਿਆ ਹੋਇਆ ਅਤੇ ਇਹ ਮਰਨ ਵਰਤ ਅੱਜ 72ਵੇਂ ਦਿਨ ਵੀ ਜਾਰੀ ਰਿਹਾ ਹੈ।