ਆਮ ਆਦਮੀ ਪਾਰਟੀ ਤੋਂ ਖੁੱਸ ਸਕਦੀ ਹੈ ਦਿੱਲੀ ਦੀ ਸੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਲੰਘੇ ਕੱਲ੍ਹ ਬੁੱਧਵਾਰ ਨੂੰ ਪੈ ਚੁੱਕੀਆਂ ਹਨ ਅਤੇ 60 ਫੀਸਦੀ ਤੋਂ ਜ਼ਿਆਦਾ ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਤੋਂ ਬਾਅਦ ਆਏ ਚੋਣ ਸਰਵੇਖਣਾਂ ਵਿਚ ਭਾਜਪਾ ਜਿੱਤਦੀ ਦਿਖਾਈ ਗਈ ਹੈ ਅਤੇ ਆਮ ਆਦਮੀ ਪਾਰਟੀ ਕੋਲੋਂ ਸੱਤਾ ਖੁੱਸਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੁੱਝ ਸਰਵੇਖਣਾਂ ਅਨੁਸਾਰ ਐਤਕੀਂ ਫਿਰ ਕਾਂਗਰਸ ਦਾ ਖਾਤਾ ਖੁੱਲ੍ਹਣਾ ਮੁਸ਼ਕਲ ਹੈ। ਦੋ ਸਰਵੇਖਣਾਂ ਅਨੁਸਾਰ ‘ਆਪ’ ਜਿੱਤ ਸਕਦੀ ਹੈ ਅਤੇ ਦੋ ਅਨੁਸਾਰ ਭਾਜਪਾ ਤੇ ‘ਆਪ’ ਵਿਚਾਲੇ ਟੱਕਰ ਦੇਖਣ ਨੂੰ ਮਿਲ ਸਕਦੀ ਹੈ। ਚੋਣ ਕਮਿਸ਼ਨ ਆਉਂਦੀ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਅਧਿਕਾਰਤ ਨਤੀਜਿਆਂ ਦਾ ਐਲਾਨ ਕਰੇਗਾ। ਜ਼ਿਕਰਯੋਗ ਹੈ ਕਿ 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 62 ਅਤੇ ਭਾਜਪਾ ਨੂੰ 8 ਸੀਟਾਂ ਮਿਲੀਆਂ ਸਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ। ਦਿੱਲੀ ਵਿਧਾਨ ਸਭਾ ਦੀਆਂ ਕੁੱਲ 70 ਸੀਟਾਂ ਹਨ ਅਤੇ ਬਹੁਮਤ ਲਈ 36 ਸੀਟਾਂ ਦੀ ਲੋੜ ਹੁੰਦੀ ਹੈ।