![](https://parvasinewspaper.com/wp-content/uploads/2025/02/Partap-Singh-Bajwa.jpg)
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ 30 ਵਿਧਾਇਕ ਸਾਡੇ ਸੰਪਰਕ ਵਿਚ ਹਨ। ਬਾਜਵਾ ਨੇ ਇਹ ਵੀ ਆਰੋਪ ਲਗਾਇਆ ਕਿ ਦਿੱਲੀ ਵਿਚ ਹਾਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਲਕੇ 11 ਫਰਵਰੀ ਨੂੰ ਪੰਜਾਬ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਾਰੇ ਵਿਧਾਇਕਾਂ ਨੂੰ ਦਿੱਲੀ ਮੀਟਿੰਗ ਲਈ ਬੁਲਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਵਿਚ ਹਾਜ਼ਰ ਰਹਿਣਗੇ। ਇਸੇ ਦੌਰਾਨ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਅੱਜ ਸੋਮਵਾਰ ਨੂੰ ਟਾਲ ਦਿੱਤੀ ਗਈ ਸੀ ਅਤੇ ਇਹ ਮੀਟਿੰਗ ਹੁਣ 13 ਫਰਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਵੀ ਇਹ ਮੀਟਿੰਗ ਟਾਲ ਦਿੱਤੀ ਗਈ ਸੀ। ਪੰਜਾਬ ਕੈਬਨਿਟ ਦੀ ਮੀਟਿੰਗ ਟਾਲਣ ’ਤੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕੇ ਹਨ।