![](https://parvasinewspaper.com/wp-content/uploads/2025/02/CM-Bhagwant-in-Delhi.jpg)
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਚੇਅਰਮੈਨਾਂ ਨਾਲ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ। ਧਿਆਨ ਰਹੇ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਕੇਜਰੀਵਾਲ ਨੇ ਇਹ ਮੀਟਿੰਗ ਸੱਦੀ ਸੀ। ਕੇਜਰੀਵਾਲ ਨੇ ਦਿੱਲੀ ਚੋਣਾਂ ਵਿਚ ਕੰਮ ਕਰਨ ਵਾਲੇ ਆਮ ਆਦਮੀ ਪਾਰਟੀ ਨਾਲ ਜੁੜੇ ਹਰ ਵਿਅਕਤੀ ਦਾ ਧੰਨਵਾਦ ਵੀ ਕੀਤਾ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕੀਤਾ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਦਿੱਲੀ ਵਿਚ ਬਹੁਤ ਉਸਾਰੂ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿਚ ਬਹੁਤ ਮਿਹਨਤ ਕੀਤੀ ਅਤੇ ਹੁਣ ਹੋਰ ਵੀ ਜ਼ਿਆਦਾ ਮਿਹਨਤ ਕਰਾਂਗੇ। ਉਨ੍ਹਾਂ ਕਿਹਾ ਕਿ ਹਾਰ -ਜਿੱਤ ਤਾਂ ਬਣੀ ਰਹਿੰਦੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਬਹੁਤ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਮਾਡਲ ਸੂਬਾ ਬਣਾ ਕੇ ਦੇਸ਼ ਦੇ ਸਾਹਮਣੇ ਰੱਖਾਂਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਜੋ ਫਤਵਾ ਦਿੱਤਾ ਹੈ, ਉਹ ਸਾਡੇ ਸਿਰ ਮੱਥੇ ਹੈ।