![](https://parvasinewspaper.com/wp-content/uploads/2025/02/dgp.jpg)
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਕਰਨ ਵਾਲੇ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 8 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਹਨ। ਇਹ ਕੇਸ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕੀਤੇ ਗਏ ਹਨ। ਇਸ ਸਬੰਧੀ ਦੋ ਕੇਸ ਜ਼ਿਲ੍ਹਾ ਪੁਲਿਸ ਜਦੋਂਕਿ 6 ਕੇਸ ਐੱਨਆਰਆਈ ਵਿੰਗ ਨੇ ਦਰਜ ਕੀਤੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ 104 ਭਾਰਤੀ ਨੌਜਵਾਨਾਂ ਨੂੰ ਪਿਛਲੇ ਦਿਨੀਂ ਡਿਪੋਰਟ ਕਰਕੇ ਭਾਰਤ ਭੇਜਿਆ ਗਿਆ ਸੀ ਅਤੇ ਇਨ੍ਹਾਂ ਡਿਪੋਰਟ ਹੋਏ ਨੌਜਵਾਨਾਂ ਵਿਚ ਕਈ ਨੌਜਵਾਨ ਪੰਜਾਬ ਦੇ ਵੀ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਰਕਾਨੂੰਨੀ ਪਰਵਾਸ ਤੇ ਮਨੁੱਖੀ ਤਸਕਰੀ ਦੀ ਜਾਂਚ ਲਈ ਚਾਰ ਮੈਂਬਰੀ ਸਿਟ ਕਾਇਮ ਕੀਤੀ ਸੀ। ਇਸੇ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰ ਤੇ ਐੱਸਐੱਸਪੀ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।