ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਰਵਿਦਾਸ ਜੀ ਦਾ 648ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ’ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ’ਚੋਂ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋਂ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲਣ, ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।