![](https://parvasinewspaper.com/wp-content/uploads/2025/02/Kisan-Meeting-01.jpg)
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਵਿਚਕਾਰ ਲੰਬੀ ਵਿਚਾਰ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਹੈ ਪਰ ਇੱਕਜੁੱਟਤਾ ਦਾ ਫੈਸਲਾ ਨਹੀਂ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅੱਜ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਇਆ ਅਤੇ ਜਲਦ ਹੀ ਉਹਨਾਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅਗਲੀ ਰਣਨੀਤੀ ਤੇ ਅਗਲੇ ਸੰਘਰਸ਼ ਦਾ ਐਲਾਨ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਨੂੰ ਕਾਰਪੋਰੇਟਾਂ ਦੇ ਹੱਥਾਂ ਵਿੱਚ ਦੇ ਰਹੀ ਹੈ, ਜਿਸ ਕਰਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਬਾਰਡਰਾਂ ਉੱਤੇ ਅੰਦੋਲਨ ਕਰ ਰਹੇ ਹਨ।