
ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਾਗੀ ਸੁਰ ਕਾਇਮ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਦਾਖਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਾਗੀ ਸੁਰ ਕਾਇਮ ਨਜ਼ਰ ਆ ਰਹੇ ਹਨ। ਇਆਲੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਵਿਰੋਧ ਕੀਤਾ ਹੈ। ਇਆਲੀ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦਾ ਜੋ ਫੈਸਲਾ ਕੀਤਾ, ਉਹ ਬਹੁਤ ਨਿੰਦਣਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਹਿ ਚੁੱਕੇ ਹਨ ਕਿ ਐਸਜੀਪੀਸੀ ਨੂੰ ਕੋਲ ਜਾਂਚ ਕਰਨ ਦਾ ਅਧਿਕਾਰ ਨਹੀਂ ਹੈ, ਫਿਰ ਇਨ੍ਹਾਂ ਨੇ ਕਿਵੇਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਫੈਸਲੇ ਦੇ ਖਿਲਾਫ ਜਾ ਕੇ ਆਪਣਾ ਹੁਕਮ ਸੁਣਾਇਆ? ਉਨ੍ਹਾਂ ਕਿਹਾ ਕਿ ਜੋ ਵੀ ਹੋਇਆ ਗਲਤ ਹੋਇਆ ਹੈ।