5.2 C
Toronto
Thursday, October 16, 2025
spot_img
Homeਪੰਜਾਬਪੰਜਾਬ ਪੁਲਿਸ ਵੱਲੋਂ ਅੱਠ ਟਰੈਵਲ ਏਜੰਟਾਂ ਖਿਲਾਫ ਕੇਸ

ਪੰਜਾਬ ਪੁਲਿਸ ਵੱਲੋਂ ਅੱਠ ਟਰੈਵਲ ਏਜੰਟਾਂ ਖਿਲਾਫ ਕੇਸ

ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਬਿਆਨਾਂ ਤੋਂ ਬਾਅਦ ਦਰਜ ਹੋਏ ਕੇਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਧੜੀ ਕਰਨ ਵਾਲੇ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਠ ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਹਨ। ਇਹ ਕੇਸ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕੀਤੇ ਗਏ ਹਨ। ਇਸ ਸਬੰਧੀ ਦੋ ਕੇਸ ਜ਼ਿਲ੍ਹਾ ਪੁਲਿਸ ਜਦੋਂਕਿ ਛੇ ਕੇਸ ਐੱਨਆਰਆਈ ਵਿੰਗ ਨੇ ਦਰਜ ਕੀਤੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਭਾਰਤੀ ਨੌਜਵਾਨਾਂ ਨੂੰ ਪਿਛਲੇ ਦਿਨੀਂ ਡਿਪੋਰਟ ਕਰਕੇ ਭਾਰਤ ਭੇਜਿਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਰਕਾਨੂੰਨੀ ਪਰਵਾਸ ਤੇ ਮਨੁੱਖੀ ਤਸਕਰੀ ਦੀ ਜਾਂਚ ਲਈ ਚਾਰ ਮੈਂਬਰੀ ਸਿਟ ਕਾਇਮ ਕੀਤੀ ਸੀ। ਇਹ ਸਿਟ ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਦੀ ਅਗਵਾਈ ਹੇਠ ਬਣਾਈ ਗਈ ਹੈ, ਜਿਸ ਵਿੱਚ ਏਡੀਜੀਪੀ ਅੰਦਰੂਨੀ ਸੁਰੱਖਿਆ ਸ਼ਿਵ ਕੁਮਾਰ ਵਰਮਾ, ਆਈਜੀਪੀ (ਪ੍ਰੋਵਿਜ਼ਨਿੰਗ) ਡਾ. ਐਸ ਭੂਪਤੀ ਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਸ਼ਾਮਲ ਹਨ। ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਨਿਆਂ ਦਾ ਭਰੋਸਾ ਦਿੱਤਾ। ਪੁਲਿਸ ਨੇ ਉਕਤ ਨੌਜਵਾਨਾਂ ਦੇ ਬਿਆਨ ਦਰਜ ਕਰਕੇ ਅੱਠ ਕੇਸ ਦਰਜ ਕੀਤੇ ਜਦੋਂ ਕਿ ਹੋਰਨਾਂ ਨੌਜਵਾਨਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਅਤੇ ਟਰੈਵਲ ਏਜੰਟਾਂ ਵੱਲੋਂ ਨੌਜਵਾਨਾਂ ਦੇ ਕੀਤੇ ਜਾ ਰਹੇ ਸ਼ੋਸ਼ਣ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਟ ਵੱਲੋਂ ਗੈਰਕਾਨੂੰਨੀ ਮਨੁੱਖੀ ਤਸਕਰੀ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਿਚ ਸ਼ਾਮਲ ਸਾਰੇ ਜਣਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰ ਤੇ ਐੱਸਐੱਸਪੀ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।

RELATED ARTICLES
POPULAR POSTS