ਕੈਬਨਿਟ ਮੰਤਰੀ ਨੇ ਬੁੱਢੇ ਦਰਿਆ ਦੀ ਸਫਾਈ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਾਰਾਜੋਈ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਨ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਾ. ਰਵਜੋਤ ਸਿੰਘ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ ਪਾਣੀ ਦੀ ਨਿਕਾਸੀ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ ਤਾਂ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਗੁਜ਼ਾਰੀ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੀਆਂ ਫੈਕਟਰੀਆਂ ਜਾਂ ਯੂਨਿਟ ਬੁੱਢੇ ਦਰਿਆ ਵਿੱਚ ਗੰਦਾ ਪਾਣੀ ਸੁੱਟ ਕੇ ਪ੍ਰਦੂਸ਼ਿਤ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇੱਕ ਸਾਂਝੀ ਟੀਮ ਦਾ ਗਠਨ ਕਰੇ, ਜਿਸ ਵਿੱਚ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀ ਵੀ ਸ਼ਾਮਲ ਹੋਣ। ਇਹ ਟੀਮ ਰੋਜ਼ਾਨਾ ਚੈੱਕ ਕਰੇਗੀ ਕਿ ਸੀਵਰੇਜ ਟਰੀਟਮੈਂਟ ਪਲਾਂਟ ਕਿਸ ਵੇਲੇ ਦੂਸ਼ਿਤ ਹੁੰਦਾ ਹੈ ਅਤੇ ਇਸ ਨੂੰ ਪ੍ਰਦੂਸ਼ਿਤ ਕਰਨ ਲਈ ਕਿਹੜੇ ਸਰੋਤ ਜ਼ਿੰਮੇਵਾਰ ਹਨ। ਇਸ ਦੀ ਮੁਕੰਮਲ ਰਿਪੋਰਟ ਤਿਆਰ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵਚਨਬੱਧ ਹੈ। ਇਸ ਮੁਹਿੰਮ ਦੀ ਕਾਮਯਾਬੀ ਲਈ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
Check Also
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਹੋਰ 119 ਭਾਰਤੀ ਭਲਕੇ ਪਹੁੰਚਣਗੇ ਅੰਮਿ੍ਤਸਰ
ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ …