ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਰਿਪੋਰਟ ਮਿਲਣ ਮਗਰੋਂ ਕੀਤੀ ਕਾਰਵਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ।
ਉਨ੍ਹਾਂ ਦੀ ਥਾਂ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ‘ਤੇ ਨਿਭਾਉਣ ਲਈ ਸੌਂਪ ਦਿੱਤੀਆਂ ਗਈਆਂ ਹਨ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਬਿਆਨ ਜਾਰੀ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦੀ ਜਾਣਕਾਰੀ ਦਿੱਤੀ ਜਦਕਿ ਪ੍ਰਧਾਨ ਧਾਮੀ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਵਿਰੋਧੀ ਧਿਰ ਨਾਲ ਸਬੰਧਤ ਤਿੰਨ ਮੈਂਬਰਾਂ ਜਸਵੰਤ ਸਿੰਘ ਪੁੜੈਨ, ਅਮਰੀਕ ਸਿੰਘ ਸ਼ਾਹਪੁਰ ਅਤੇ ਪਰਮਜੀਤ ਸਿੰਘ ਰਾਏਪੁਰ ਨੇ ਫ਼ੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਫ਼ੈਸਲੇ ‘ਤੇ ਇਤਰਾਜ਼ ਸਬੰਧੀ ਆਪਣਾ ਲਿਖਤੀ ਨੋਟ ਵੀ ਦਰਜ ਕਰਾਇਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਜਥੇਦਾਰ ਨੂੰ ਹਟਾਉਣ ਦਾ ਫ਼ੈਸਲਾ ਬਹੁਮਤ ਦੇ ਆਧਾਰ ‘ਤੇ ਕੀਤਾ ਗਿਆ। ਇਸ ਤੋਂ ਪਹਿਲਾਂ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪੇਸ਼ ਕੀਤੀ ਸੀ, ਜਿਸ ‘ਤੇ ਵਿਚਾਰ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ।
ਪ੍ਰਤਾਪ ਸਿੰਘ ਨੇ ਕਿਹਾ ਕਿ ਜਾਂਚ ਰਿਪੋਰਟ ਵਿੱਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਲੱਗੇ ਦੋਸ਼ ਸਾਬਤ ਹੋਏ ਹਨ ਅਤੇ ਅਤੇ ਤਖ਼ਤ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਗੰਭੀਰ ਦੋਸ਼ ਲਾਏ ਗਏ ਸਨ। ਉਸ ਨੇ ਦੋਸ਼ਾਂ ਸਬੰਧੀ ਸ਼ਿਕਾਇਤ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸੌਂਪਿਆ ਸੀ। ਇਸ ਪੱਤਰ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਕੇ ਮਾਮਲੇ ਦੀ ਜਾਂਚ ਕਰਾਉਣ ਦਾ ਫ਼ੈਸਲਾ ਲਿਆ ਗਿਆ ਸੀ। ਜਾਂਚ ਦੌਰਾਨ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਸੀ।
ਉਧਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ। ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ‘ਤੇ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸੰਗਤ ਦੇ ਸਾਹਮਣੇ ਆਪਣਾ ਸਪੱਸ਼ਟੀਕਰਨ ਵੀ ਦਿੱਤਾ ਸੀ।
ਗਿਆਨੀ ਹਰਪ੍ਰੀਤ ਸਿੰਘ ਦੀ ਇੱਕ ਮੀਟਿੰਗ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵੀ ਤਿੱਖੀ ਬਹਿਸ ਹੋਈ ਸੀ।
ਸਿਆਸੀ ਦਬਾਅ ਹੇਠ ਕੀਤਾ ਫ਼ੈਸਲਾ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਫ਼ੈਸਲੇ ਨੂੰ ਸਿਆਸੀ ਦਬਾਅ ਹੇਠ ਲਿਆ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖਿਲਾਫ ਕੀਤੀ ਗਈ ਕਾਰਵਾਈ ਮਗਰੋਂ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਸੀ ਕਿ ਭਵਿੱਖ ‘ਚ ਉਨ੍ਹਾਂ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਖ ਸੰਸਥਾਵਾਂ ਤੋਂ ਸਿਆਸੀ ਦਬਾਅ ਖਤਮ ਨਹੀਂ ਹੁੰਦਾ, ਅਜਿਹੇ ਫੈਸਲੇ ਹੁੰਦੇ ਰਹਿਣਗੇ।