
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਨਮਾਨ ਵਜੋਂ ਇਹ ਅਸਤੀਫ਼ਾ ਦੇ ਰਹੇ ਹਨ। ਧਾਮੀ ਨੇ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸ਼ੋ੍ਰਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਫੇਸਬੁੱਕ ’ਤੇ ਪਾਈ ਪੋਸਟ ਵਿਚ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ ਸੀ। ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੱਤ ਮੈਂਬਰੀ ਕਮੇਟੀ ਵਿੱਚੋਂ ਵੀ ਹਟਾਇਆ ਜਾਵੇ। ਧਾਮੀ ਨੇ ਆਪਣਾ ਅਸਤੀਫਾ ਅੰਤਿ੍ਰੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਧਿਆਨ ਰਹੇ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਉਹ ਤੀਜੀ ਵਾਰ ਪ੍ਰਧਾਨ ਬਣੇ ਸਨ। ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ।