![](https://parvasinewspaper.com/wp-content/uploads/2025/02/hs.jpg)
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨਾਲ ਅਕਾਲੀ ਦਲ ਦਾ ਸੰਕਟ ਹੋਰ ਵਧ ਗਿਆ ਹੈ। ਇਸੇ ਦੌਰਾਨ ਧਾਮੀ ਦੇ ਅਸਤੀਫੇ ਨੂੰ ਸਿੱਖ ਜਥੇਬੰਦੀਆਂ ਨੇ ਦੁਖਦਾਈ ਕਰਾਰ ਦਿੱਤਾ ਹੈ। ਵੱਖ-ਵੱਖ ਆਗੂਆਂ ਨੇ ਅਕਾਲੀ ਦਲ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਅਜਿਹਾ ਦਬਾਅ ਬਣਾਇਆ ਜਾ ਰਿਹਾ ਹੈ ਕਿ ਵਿਅਕਤੀ ਖੁਦ ਹੀ ਮਜਬੂਰ ਹੋ ਕੇ ਬਾਹਰ ਚਲਾ ਜਾਵੇ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸੇ ਤਰ੍ਹਾਂ ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬੇਬਸੀ ਅਤੇ ਆਤਮਾ ਉੱਤੇ ਬਣੇ ਭਾਰੀ ਬੋਝ ਕਾਰਨ ਧਾਮੀ ਨੇ ਅਸਤੀਫਾ ਦਿੱਤਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਨ੍ਹਾਂ ’ਤੇ ਕਿੰਨਾ ਦਬਾਅ ਹੋਵੇਗਾ। ਇਸੇ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਵੀ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਸਤੀਫਾ ਦੇਣ ਨਾਲ ਪੰਥਕ ਸੰਕਟ ਹੋਰ ਡੂੰਘਾ ਹੋਵੇਗਾ।