
ਕਿਹਾ : ਪੰਜਾਬੀਆਂ ਦੀ ਲੁੱਟ ਰੋਕਣ ਲਈ ਸਾਰੀਆਂ ਧਿਰਾਂ ਹੰਭਲਾ ਮਾਰਨ
ਮੁਹਾਲੀ/ਬਿਊਰੋ ਨਿਊਜ਼
ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ’ਚ ਫੈਲੇ ਫਰਜ਼ੀ ਟਰੈਵਲ ਏਜੰਟਾਂ ਦੇ ਨੈੱਟਵਰਕ ’ਤੇ ਚਿੰਤਾ ਪ੍ਰਗਟ ਕੀਤੀ। ਰਾਮੂਵਾਲੀਆ ਨੇ ਕਿਹਾ ਕਿ ਹਰ ਪਾਸੇ ਪੰਜਾਬੀਆਂ ਦੀ ਹੁੰਦੀ ਲੁੱਟ ਦਾ ਮਾਮਲਾ ਭਖਿਆ ਹੋਇਆ ਤੇ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਤੇ ਸੰਸਦ ਮੈਂਬਰ ਤਮਾਸ਼ਬੀਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਲੱਖਾਂ ਪੰਚ-ਸਰਪੰਚ, ਧਾਰਮਿਕ ਹਸਤੀਆਂ, ਬੁੱਧੀਜੀਵੀ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਫਰਜ਼ੀ ਟਰੈਵਲ ਏਜੰਟਾਂ ਵਿਰੁੱਧ ਚੁੱਪ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦੀ ਲੁੱਟ ਰੋਕਣ ਲਈ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਖਾਮੋਸ਼ ਹਨ। ਇਸ ਸੰਵੇਦਨਸ਼ੀਲ ਮੁੱਦੇ ’ਤੇ ਸਾਰੀਆਂ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਨੌਜਵਾਨਾਂ ਦੀ ਲੁੱਟ ਵਿਰੁੱਧ ਲੋਕ ਭਲਾਈ ਪਾਰਟੀ ਹਮੇਸ਼ਾ ਲੜਦੀ ਰਹੀ ਹੈ ਅਤੇ ਲੜਦੀ ਰਹੇਗੀ।