
ਅਰਵਿੰਦ ਕੇਜਰੀਵਾਲ ਸਾਡੀ ਪਾਰਟੀ ਦੇ ਰਾਸ਼ਟਰੀ ਆਗੂ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਚਰਚਾ ਛਿੜ ਗਈ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲਿਆ ਜਾ ਸਕਦਾ ਹੈ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਸ ਨੂੰ ਲੈ ਕੇ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਤਰ੍ਹਾਂ-ਤਰ੍ਹਾਂ ਦੇ ਬਿਆਨ ਵੀ ਦਿੱਤੇ ਜਾ ਰਹੇ ਹਨ। ਹੁਣ ਜਦੋਂ ਮੀਡੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਸਵਾਲ ਪੁੱਛਿਆ ਤਾਂ ਸੀਐਮ ਮਾਨ ਨੇ ਇਸ ਨੂੰ ਅਫਵਾਹ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਦਲਿਆ ਜਾ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਆਗੂ ਹਨ ਅਤੇ ਉਨ੍ਹਾਂ ਨੇ ਪੂਰੇ ਦੇਸ਼ ਵਿਚ ਪਾਰਟੀ ਨੂੰ ਚਲਾਉਣਾ ਹੈ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪਾਰਟੀ ਦੇ ਕੰਮਾਂ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਪੰਜਾਬ ਦਾ ਮੁੱਖ ਮੰਤਰੀ ਬਦਲਣ ਦੀਆਂ ਗੱਲਾਂ ਨੂੰ ਅਫਵਾਹ ਦੱਸਿਆ ਹੈ। ਸੀਐਮ ਮਾਨ ਨੇ ਕਿਹਾ ਕਿ ਜਿਹੜੇ ਵੀ ਪੰਜਾਬ ਦੇ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਹਨ, ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।