
127 ਪੰਜਾਬੀ ਨੌਜਵਾਨ ਅਮਰੀਕਾ ਤੋਂ ਹੋ ਚੁੱਕੇ ਹਨ ਡਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਬਾਜਵਾ ਨੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮਨੁੱਖੀ ਤਸਕਰੀ ਵਿੱਚ ਸ਼ਾਮਲ ਅਣਅਧਿਕਾਰਤ ਟਰੈਵਲ ਏਜੰਟਾਂ ਵਿਰੁੱਧ 30 ਦਿਨਾਂ ਦੇ ਅੰਦਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੀ ਸ਼ਲਾਘਾ ਵੀ ਕੀਤੀ ਹੈ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਮਰੀਕਾ ਵੱਲੋਂ ਵਾਪਸ ਭੇਜੇ ਪੰਜਾਬੀਆਂ ਦੇ ਮੁੜ ਵਸੇਬੇ ਲਈ ਨਿਰਦੇਸ਼ ਦੇਵੇ। ਉਨ੍ਹਾਂ ਕਿਹਾ ਕਿ ਅਮਰੀਕਾ ’ਚ ਟਰੰਪ ਪ੍ਰਸ਼ਾਸਨ ਵੱਲੋਂ ਹੁਣ ਤੱਕ ਤਿੰਨ ਵੱਖ-ਵੱਖ ਜਹਾਜ਼ਾਂ ਰਾਹੀਂ 127 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਬਾਜਵਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਅਮਰੀਕਾ ਜਾਣ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨੂੰ 43 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਇਨ੍ਹਾਂ ਟਰੈਵਲ ਏਜੰਟਾਂ ਕੋਲੋਂ ਪੀੜਤਾਂ ਨੂੰ ਪੈਸੇ ਵਾਪਸ ਕਰਵਾਉਣੇ ਚਾਹੀਦੇ ਹਨ।