
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 87 ਦਿਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ 22 ਫਰਵਰੀ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਰਸਮੀ ਸੱਦਾ ਪੱਤਰ ਵੀ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੀ 14 ਫਰਵਰੀ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ। ਉਧਰ ਦੂਜੇ ਪਾਸੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 87 ਦਿਨ ਹੋ ਗਏ ਹਨ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ।