ਪਟਿਆਲਾ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਬਣਾਈ ਗਈ 7 ਮੈਂਬਰੀ ਕਮੇਟੀ ‘ਚੋਂ ਕਿਰਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਅਤੇ ਉਨ੍ਹਾਂ ਜਥੇਦਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਵਿਚੋਂ ਹਟਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਪਾਰਟੀ ਦੀ ਅਗਵਾਈ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾ, ਮਨ੍ਰਪੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਸ਼ਾਮਲ ਸਨ। ਉਧਰ ਪਟਿਆਲਾ ‘ਚ ਅੱਜ 7 ਮੈਂਬਰੀ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।