ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਹੋਏ ਲਾਂਭੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਲਾਂਭੇ ਹੋ ਗਏ ਹਨ। ਇਸ ਨਾਲ ਪਿਛਲੇ ਸਾਲ ਦੋ ਦਸੰਬਰ ਤੋਂ ਬਾਅਦ ਬਦਲ ਰਹੇ ਹਾਲਾਤ ਦਰਮਿਆਨ ਪੰਥਕ ਸੰਕਟ ਹੋਰ ਵੀ ਡੂੰਘਾ ਹੋ ਗਿਆ ਹੈ। ਅੰਮ੍ਰਿਤਸਰ ‘ਚ ਅਚਨਚੇਤੀ ਸੱਦੇ ਪੱਤਰਕਾਰ ਸੰਮੇਲਣ ਦੌਰਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਭਾਵੇਂ ਉਨ੍ਹਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਨਾਂਹ ਕੀਤੀ ਸੀ ਪਰ ਫਿਰ ਵੀ ਅਸਤੀਫਾ ਦੇਣ ਦੇ ਕਾਰਨ ਸਪੱਸ਼ਟ ਕਰਦਿਆਂ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦੇ ਫੈਸਲੇ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਉਹ ਨੈਤਿਕ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਬਹੁਸੰਮਤੀ ਨਾਲ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਨੂੰ ਮੰਦਭਾਗਾ ਤੇ ਦੁਖਦਾਈ ਦੱਸਿਆ ਗਿਆ ਸੀ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਆਪਣੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਧਾਮੀ ਨੇ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਗਿਆ ਅਸਤੀਫਾ ਉਨ੍ਹਾਂ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੂੰ ਸੌਂਪਿਆ ਹੈ। ਅਸਤੀਫਾ ਦੇਣ ਦਾ ਐਲਾਨ ਕਰਨ ਮਗਰੋਂ ਐਡਵੋਕੇਟ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿੱਚ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਚ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ‘ਚ ਵਾਪਸ ਆਉਣ ਮਗਰੋਂ ਉਨ੍ਹਾਂ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਕੁਝ ਸਮਾਂ ਬੰਦ ਕਮਰਾ ਮੀਟਿੰਗ ਵੀ ਕੀਤੀ।