Breaking News
Home / ਪੰਜਾਬ / ਕੇਜਰੀਵਾਲ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਕੇਜਰੀਵਾਲ ਵੱਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੂਰਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰ ਲਿਆ ਹੈ। ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਵਜ਼ੀਰਾਂ ਤੇ ਵਿਧਾਇਕਾਂ ਨਾਲ ਦਿੱਲੀ ਵਿੱਚ ਮੀਟਿੰਗ ਕਰਨ ਮਗਰੋਂ ‘ਆਪ’ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਲੀ ਸੱਦਿਆ ਗਿਆ। ਪਾਰਟੀ ਦੇ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨ ਦਿੱਲੀ ਸਥਿਤ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਪੁੱਜੇ।
‘ਆਪ’ ਦੇ ਸੁਪਰੀਮੋ ਕੇਜਰੀਵਾਲ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ ਗਿਆ। ਕੁਝ ਵਰਕਰਾਂ ਵੱਲੋਂ ਸੂਬੇ ‘ਚ ਦਰਪੇਸ਼ ਸਮੱਸਿਆਵਾਂ ਬਾਰੇ ਵੀ ਪਾਰਟੀ ਸੁਪਰੀਮੋ ਨੂੰ ਜਾਣੂ ਕਰਵਾਇਆ ਗਿਆ। ਕੇਜਰੀਵਾਲ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਸਮਾਂ ਲੋਕਾਂ ਵਿੱਚ ਗੁਜ਼ਾਰਨ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਨੂੰ ਹਦਾਇਤ ਕੀਤੀ ਗਈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਦੇ ਜਿਹੜੇ ਕੰਮ ਨਹੀਂ ਕੀਤੇ ਜਾ ਰਹੇ ਹਨ, ਉਨ੍ਹਾਂ ਕੰਮਾਂ ਨੂੰ ਉਹ ਮੋਹਰੀ ਹੋ ਕੇ ਕਰਵਾਉਣ। ਇਸ ਦੇ ਨਾਲ ਹੀ ਕੇਜਰੀਵਾਲ ਨੇ ਸਾਰਿਆਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਮੂਹਿਕ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਖੇਤਰਾਂ ਵਿੱਚ ਕੰਮ ਕਰ ਕੇ ‘ਪੰਜਾਬ ਮਾਡਲ’ ਵਿਕਸਤ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ‘ਆਪ’ ਵੱਲੋਂ ਪੰਜਾਬ ਮਾਡਲ ਨੂੰ ਵਿਕਸਤ ਕਰਨ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਪੰਜਾਬ ਮਾਡਲ ਨੂੰ ਦੇਸ਼ ਭਰ ਵਿੱਚ ਪ੍ਰਚਾਰਿਆ ਜਾ ਸਕੇ। ਇਸੇ ਸਬੰਧ ਵਿੱਚ ਅਰਵਿੰਦ ਕੇਜਰੀਵਾਲ ਨੇ 12 ਫਰਵਰੀ ਨੂੰ ਪੰਜਾਬ ਦੇ ਵਜ਼ੀਰਾਂ ਤੇ ਵਿਧਾਇਕਾਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ ਸੀ। ਹੁਣ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਰਣਨੀਤੀ ਤਿਆਰ ਕੀਤੀ ਗਈ ਹੈ।
ਕੇਜਰੀਵਾਲ ਨੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਤੋਂ ਵੀ ਲਈ ਫੀਡ ਬੈਕ
ਬਠਿੰਡਾ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਮਗਰੋਂ ਹੁਣ ਪੰਜਾਬ ਦੇ ਲੋਕ ਸਭਾ ਹਲਕਿਆਂ ਦੇ ਪਾਰਟੀ ਇੰਚਾਰਜਾਂ ਨਾਲ ਦਿੱਲੀ ਵਿੱਚ ਮੀਟਿੰਗ ਕਰਕੇ ਫੀਡ ਬੈਕ ਲਈ ਗਈ ਹੈ। ਮੀਟਿੰਗ ‘ਚ ਸ਼ਾਮਲ ਲੋਕ ਸਭਾ ਹਲਕਾ ਫਰੀਦਕੋਟ ਦੇ ਇੰਚਾਰਜ ਅਤੇ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੇਜਰੀਵਾਲ ਨੇ ਸਭਨਾਂ ਦਾ ਪੱਖ ਸੁਣ ਕੇ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਲੋੜ ਮੁਤਾਬਿਕ ਤਬਦੀਲੀਆਂ ਅਤੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਾਰਟੀ ਲਈ ਤਨਦੇਹੀ ਨਾਲ ਮਿਹਨਤ ਕਰਨ ਵਾਲੇ ਵਰਕਰਾਂ ਦਾ ਖਿਆਲ ਰੱਖੇ ਜਾਣ ਦੀ ਵੀ ਗੱਲ ਕਹੀ ਗਈ। ਉਨ੍ਹਾਂ ਦੱਸਿਆ ਕਿ ਪਾਰਟੀ ਸੁਪਰੀਮੋ ਨੇ ਕਿਹਾ ਕਿ ਪੰਜਾਬੀਆਂ ਨੇ ਭ੍ਰਿਸ਼ਟਾਚਾਰ ਖਤਮ ਕਰਨ ਦੇ ਮੁੱਦੇ ‘ਤੇ ਮਿਸਾਲੀ ਫ਼ਤਵਾ ਦੇ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਈ ਹੈ ਅਤੇ ਇਸ ਮਾਮਲੇ ‘ਚ ਕਿਸੇ ਕਿਸਮ ਦਾ ਸਮਝੌਤਾ ਨਾ ਕਰਦਿਆਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈਆਂ ਤੇਜ਼ ਕੀਤੀਆਂ ਜਾਣਗੀਆਂ ਅਤੇ ਜੋ ਕਮੀਆਂ ਪੇਸ਼ੀਆਂ ਹਨ ਉਹ ਨਵੀਂ ਰਣਨੀਤੀ ਤਹਿਤ ਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਾਰੇ ਹਲਕਾ ਇੰਚਾਰਜਾਂ ਨੇ ਕੇਜਰੀਵਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਕਾਰਜ ਸ਼ੈਲੀ ਤੋਂ ਖ਼ੁਸ਼ ਹਨ।

Check Also

ਐਸਜੀਪੀਸੀ ਦੀ ਅੰਤਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਹੀਂ ਕੀਤਾ ਮਨਜੂਰ

ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …