
ਦਿੱਲੀ ਦੇ ਨਕਾਰੇ ਮਾਡਲ ਨੂੰ ਪੰਜਾਬ ’ਚ ਲਾਗੂ ਕਰਨ ਦੀ ਕੋਸ਼ਿਸ਼ : ਵਿਰੋਧੀ ਦਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ’ਤੇ ਸਵਾਲ ਵੀ ਖੜ੍ਹੇ ਕੀਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਮਾਡਲ ਹੁਣ ਫੇਲ੍ਹ ਹੋ ਚੁੱਕਾ ਹੈ ਅਤੇ ਉਸ ਨੂੰ ਹੁਣ ਪੰਜਾਬ ਦੇ ਸਕੂਲਾਂ ਵਿਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅਜਿਹਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੋਲੋਂ ਅਸਤੀਫਾ ਲੈ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਮਨੀਸ਼ ਸਿਸੋਦੀਆ ਨੂੰ ਸਿੱਖਿਆ ਮੰਤਰੀ ਬਣਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਸਿਸੋਦੀਆ ਨੇ ਹੀ ਪੰਜਾਬ ਦੇ ਸਕੂਲਾਂ ਦੇ ਦੌਰੇ ਕਰਨੇ ਹਨ ਤਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੀ ਵੈਲਿਯੂ ਰਹਿ ਜਾਵੇਗੀ।