
ਗੁਰਜੀਤ ਸਿੰਘ ਔਜਲਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ
ਅੰਮਿ੍ਤਸਰ/ਬਿਊਰੋ ਨਿਊਜ਼
ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਨੂੰ ਪਿੱਛੇ ਧੱਕਣ ਵਾਲਾ ਫੈਸਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਬੇਰੁਜ਼ਗਾਰੀ ਹੈ ਅਤੇ ਹੁਣ ਇਸ ਫੈਸਲੇ ਨਾਲ ਇਸ ਵਿੱਚ ਹੋਰ ਵਾਧਾ ਹੋਵੇਗਾ। ਔਜਲਾ ਨੇ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਸਥਿਤੀ ’ਚੋਂ ਲੰਘ ਰਿਹਾ ਹੈ ਅਤੇ ਸੂਬੇ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਦਾਅਵਾ ਕਰਦੀ ਰਹੀ ਹੈ ਕਿ ਉਹ ਨੌਕਰੀਆਂ ਦੇ ਰਹੀ ਹੈ, ਜਦਕਿ ਇਹ ਨੌਕਰੀਆਂ ਖੋਹਣ ਵਾਲੀ ਨੀਤੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਤੋਂ ਮੂੰਹ ਮੋੜ ਕੇ ਵਾਪਸ ਆਉਣਾ ਚਾਹੁੰਦੇ ਹਨ ਪਰ ਅਜਿਹੇ ਫੈਸਲੇ ਉਨ੍ਹਾਂ ਨੂੰ ਦੁਬਾਰਾ ਪੰਜਾਬ ਤੋਂ ਬਾਹਰ ਧੱਕਣਗੇ।