
ਵਿਧਾਨ ਸਭਾ ਦੇ ਬਾਹਰ ਭੜਕੇ ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਸਵੇਰੇ ਸ਼ੁਰੂ ਹੋ ਗਈ। ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ 12 ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦਾ ਪਿਛਲੇ ਸਮੇਂ ਦੌਰਾਨ ਦਿਹਾਂਤ ਹੋ ਗਿਆ ਸੀ। ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਭਿ੍ਰਸ਼ਟਾਚਾਰ ਜ਼ੋਰਾਂ ’ਤੇ ਹੈ ਅਤੇ ‘ਆਪ’ ਦੇ ਸਾਰੇ ਮੰਤਰੀ ਭਿ੍ਰਸ਼ਟਾਚਾਰ ਵਿਚ ਸ਼ਾਮਲ ਹਨ ਤੇ ਵੱਡੀ ਪੱਧਰ ’ਤੇ ਰਿਸ਼ਵਤ ਲੈ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਪਾਲਾ ਬਦਲ ਕੇ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਇਸੇ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੜਾ ਅਫ਼ਸੋਸ ਹੈ ਕਿ ਪੰਜਾਬ ਸਰਕਾਰ ਲੰਬੇ ਸੈਸ਼ਨ ਕਰਵਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲ ਦਿੱਤਾ ਜਾਵੇਗਾ।